ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਆਏ, ਪਰ ਸੂਬੇ ਦੇ ਲੋਕਾਂ ਦੇ ਅਹਿਮ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ।
ਬਲਤੇਜ ਪੰਨੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ, ਘੱਟੋ-ਘੱਟ ਸਮਰਥਨ ਮੁੱਲ (MSP), ਕਰਤਾਰਪੁਰ ਸਾਹਿਬ ਲਾਂਘੇ ਅਤੇ ਪੰਜਾਬ ਦੇ ਰੋਕੇ ਗਏ ਫੰਡਾਂ ਵਰਗੇ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।
ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ‘ਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਡਬਲ ਇੰਜਣ ਸਰਕਾਰ ਦੇ ਕਾਰਜਕਾਲ ਦੌਰਾਨ ਵਧੀ। ਪੰਨੂ ਨੇ ਸਵਾਲ ਕੀਤਾ ਕਿ ਅਜਿਹੇ ਹਾਲਾਤਾਂ ‘ਚ ਭਾਜਪਾ ਪੰਜਾਬ ਦੇ ਲੋਕਾਂ ਤੋਂ ਦੁਬਾਰਾ ਸਮਰਥਨ ਕਿਸ ਆਧਾਰ ‘ਤੇ ਮੰਗ ਰਹੀ ਹੈ।
ਇਸ ਤੋਂ ਇਲਾਵਾ ਬਲਤੇਜ ਪੰਨੂ ਨੇ 2007 ਤੋਂ 2017 ਤੱਕ ਪੰਜਾਬ ‘ਚ ਰਹੀ ਡਬਲ ਇੰਜਣ ਸਰਕਾਰ ਦੇ ਕੰਮਕਾਜ ਬਾਰੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਨੂੰ ਉਸ ਦੌਰ ਦੇ ਆਪਣੇ ਪ੍ਰਦਰਸ਼ਨ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ।