ਚੰਡੀਗੜ੍ਹ: ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਲੜਾ ਜੀ ਦੇ ਕਤਲ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਪ੍ਰਕਿਰਿਆ ਸਾਲ 1997 ‘ਚ ਸ੍ਰ.ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਤੇਜ਼ ਹੋਈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਇਕਲੌਤੇ ਗਵਾਹ ਐਸਪੀਓ ਕੁਲਦੀਪ ਸਿੰਘ ਬੁੱਚੜੇ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਹੋਈ।
ਅਕਾਲੀ ਦਲ ਨੇ ਚੁੱਕਿਆ ਸੀ ਖਾਲੜਾ ਸਾਬ੍ਹ ਦੇ ਅਗ਼ਵਾ ਦਾ ਮਾਮਲਾ
ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਅਸਲ ‘ਚ ਭਾਈ ਖਾਲੜਾ ਦੇ ਅਗਵਾ ਹੋਣ ਦਾ ਮਾਮਲਾ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਉਠਾਇਆ ਸੀ,ਉਨ੍ਹਾਂ ਨੇ ਕਿਹਾ ਕਿ ਬੁੱਚੜੇ ਨੇ ਕਾਂਗਰਸ ਸਰਕਾਰ ਦੇ ਦਬਾਅ ਹੇਠ ਬਿਆਨ ਨਹੀਂ ਦਿੱਤਾ, ਪਰ ਅਕਾਲੀ ਦਲ ਦੀ ਸਰਕਾਰ ਨੇ ਉਸ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਜਨਰਲ ਸਕੱਤਰ ਸਨ ਅਤੇ ਉਨ੍ਹਾਂ ਨੇ ਬੇਅੰਤ ਸਿੰਘ ਸਰਕਾਰ ਦੇ ਦੌਰਾਨ ਨੌਜਵਾਨਾਂ ਦੇ ਕਤਲ ਦੇ ਮਾਮਲੇ ਨੂੰ ਬੇਨਕਾਬ ਕੀਤਾ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਖਾਲੜਾ ਦੇ ਅਗਵਾ ਮਾਮਲੇ ਨੂੰ ਤੁਰੰਤ ਚੁੱਕਿਆ ਸੀ ਅਤੇ ਸੁਪਰੀਮ ਕੋਰਟ ਨੂੰ ਚਿੱਠੀ ਲਿਖੀ ਸੀ।
ਖਾਲੜਾ ਕੇਸ ਦੇ ਦੋਸ਼ੀਆਂ ਦੀ ਰਿਹਾਈ ‘ਤੇ ਕਾਂਗਰਸ ਤੇ ‘ਆਪ’ ਨੂੰ ਘੇਰਿਆ
ਅੱਗੇ ਬੋਲਦਿਆਂ ਸੁਖਬੀਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ‘ਤੇ ਗੰਭੀਰ ਦੋਸ਼ ਲਗਾਏ।ਉਨ੍ਹਾਂ ਨੇ ਕਿਹਾ ਕਿ 2017 ‘ਚ ਕਾਂਗਰਸ ਨੇ ਦੋਸ਼ੀ ਪੁਲਿਸ ਅਫਸਰਾਂ ਦੀ ਰਿਹਾਈ ਲਈ ਅਰਜ਼ੀ ਦਾਇਰ ਕੀਤੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰਿਹਾਈ ਦੀ ਸਿਫ਼ਾਰਸ਼ ਕੀਤੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਨੇ ਜਾਣਬੁੱਝ ਕੇ ਦੋ ਸਾਲ ਤੱਕ DSP ਜਸਪਾਲ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਰਜ਼ੀ ‘ਤੇ ਕੋਈ ਫੈਸਲਾ ਨਹੀਂ ਕੀਤਾ, ਜਿਸ ਕਾਰਨ ਅਦਾਲਤੀ ਫੈਸਲੇ ਦਾ ਲਾਭ ਮਿਲਣ ਨਾਲ ਉਸ ਨੂੰ 2023 ‘ਚ ਜ਼ਮਾਨਤ ਮਿਲ ਗਈ। ਇਸੇ ਤਰ੍ਹਾਂ SHO ਸਤਨਾਮ ਸਿੰਘ ਨੂੰ 2021 ‘ਚ ਕਾਂਗਰਸ ਸਰਕਾਰ ਦੌਰਾਨ ਪੈਰੋਲ ਮਿਲੀ ਅਤੇ ਉਹ ਫਰਾਰ ਹੋ ਗਿਆ। ਬਾਅਦ ‘ਚ ‘ਆਪ’ ਸਰਕਾਰ ਦੇ ਸਮੇਂ ਹਾਈ ਕੋਰਟ ‘ਚ ਉਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਰਾਜ ਸਰਕਾਰ ਉਸ ਦੀ ਰਿਹਾਈ ਦਾ ਸਮਰਥਨ ਕਰ ਰਹੀ ਹੈ।
ਕਾਂਗਰਸ-‘ਆਪ’ ਦੀ ਮਿਲੀਭੁਗਤ ਦਾ ਦੋਸ਼
ਆਪਣੇ ਸੰਬੋਧਨ ਦੇ ਅਖੀਰ ‘ਚ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ‘ਤੇ ਮਿਲੀਭੁਗਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੇ ਮੁਤਾਬਕ ਕਾਂਗਰਸ ਦਾ ਇਤਿਹਾਸ ਸਿੱਖ ਕੌਮ ਵਿਰੁੱਧ ਰਿਹਾ ਹੈ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਨੂੰ ਪੰਜਾਬ ਕਦੇ ਨਹੀਂ ਭੁੱਲ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ‘ਤੇ ਸਵਾਲ ਖੜ੍ਹੇ ਕੀਤੇ ਹਨ।