ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ‘ਚ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਚਾਰ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਉਮਸ ਤੋਂ ਰਾਹਤ ਮਿਲਣ ਦੇ ਆਸਾਰ ਹਨ।
ਹਾਲਾਂਕਿ ਅੱਜ ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ। ਚੰਡੀਗੜ੍ਹ ਅਤੇ ਖਰੜ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ। ਜਦਕਿ ਜਲੰਧਰ ਅਤੇ ਲੁਧਿਆਣਾ ਸਮੇਤ ਕਈ ਹੋਰ ਇਲਾਕਿਆਂ ਵਿੱਚ ਬੱਦਲਵਾਈ ਰਹੀ। ਜਲੰਧਰ ਵਿੱਚ ਦਿਨ ਵੇਲੇ ਹਨੇਰਾ ਛਾਇਆ ਰਿਹਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸੰਗਰੂਰ, ਬਰਨਾਲਾ, ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਐਸਬੀਐਸ ਨਗਰ ਦੇ ਕੁਝ ਹਿੱਸਿਆਂ ਵਿੱਚ ਸ਼ਾਮ 5:07 ਵਜੇ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 23 ਜੁਲਾਈ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।”
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਬਾਵਜੂਦ, ਕਈ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੀ। ਬਠਿੰਡਾ ਰਾਜ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਇਸ ਤੋਂ ਬਾਅਦ ਫਿਰੋਜ਼ਪੁਰ 37.3 ਡਿਗਰੀ ਸੈਲਸੀਅਸ ਅਤੇ ਬਰਨਾਲਾ 36.9 ਡਿਗਰੀ ਸੈਲਸੀਅਸ ਰਿਹਾ।”
ਮੌਸਮ ਵਿਭਾਗ ਨੇ 23 ਜੁਲਾਈ ਲਈ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।