ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਜੰਮੂ-ਕਸ਼ਮੀਰ, ਅਸਾਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਜੰਮੂ-ਕਸ਼ਮੀਰ ਵਿੱਚ ਫਲੈਸ਼ ਫਲੱਡ
ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਅਤੇ ਖਾਗ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਅਚਾਨਕ ਹੜ੍ਹ (ਫਲੈਸ਼ ਫਲੱਡ) ਆ ਗਿਆ। ਇਸ ਦੌਰਾਨ ਇੱਕ ਵਿਅਕਤੀ ਦੇ ਪਾਣੀ ਵਿੱਚ ਰੁੜ੍ਹ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਤੋਂ ਬਾਅਦ ਐਸਡੀਆਰਐਫ (SDRF), ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਮੌਸਮ ਵਿਭਾਗ ਨੇ ਕਸ਼ਮੀਰ ਲਈ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ।
ਅਸਾਮ ਵਿੱਚ ਹੜ੍ਹ ਦਾ ਕਹਿਰ
ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅਸਾਮ ਵਿੱਚ ਹੜ੍ਹ ਦੀ ਸਥਿਤੀ ਵਿਗੜ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਨਾਲ 21 ਲੋਕਾਂ ਦੀ ਮੌਤ ਹੋ ਗਈ ਹੈ। ਰਾਜ ਦੇ 16 ਜ਼ਿਲ੍ਹਿਆਂ ਵਿੱਚ 5.64 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ।
ਹਿਮਾਚਲ ਵਿੱਚ ਸਕੂਲ-ਕਾਲਜ ਬੰਦ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਮੰਡੀ, ਕਾਂਗੜਾ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ ਬੁੱਧਵਾਰ ਲਈ ਬੰਦ ਕਰ ਦਿੱਤੇ ਗਏ ਹਨ।ਸੂਬੇ ਵਿੱਚ ਹੁਣ ਤੱਕ ਮੀਂਹ ਨਾਲ ਜੁੜੀਆਂ ਘਟਨਾਵਾਂ ਵਿੱਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। 22 ਜੁਲਾਈ ਯਾਨੀ ਅੱਜ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਗੋਆ ਅਤੇ ਮੱਧ ਮਹਾਰਾਸ਼ਟਰ ਲਈ ਮੀਂਹ ਸਬੰਧੀ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।
ਕਈ ਰਾਜਾਂ ਲਈ ਮੌਸਮ ਅਲਰਟ
ਇਸ ਤੋਂ ਇਲਾਵਾ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਉੱਤਰਾਖੰਡ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ ਅਤੇ ਸਿੱਕਮ ਵਿੱਚ ਯੈਲੋ ਅਲਰਟ ਲਾਗੂ ਹੈ। ਜਦਕਿ ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ ਅਤੇ ਕੇਰਲ ਲਈ ਫਿਲਹਾਲ ਕੋਈ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।