AAP Sarpanch Murdered: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਆਮ ਆਦਮੀ ਪਾਰਟੀ (AAP) ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਕੁਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਵਾਰਦਾਤ ਪੁਰਾਣੀ ਰੰਜਿਸ਼ ਕਾਰਨ ਵਾਪਰੀ। ਮ੍ਰਿਤਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਸਰਪੰਚ ਨੇ ਕੁਝ ਸਮਾਂ ਪਹਿਲਾਂ ਦੋ ਧਿਰਾਂ ਵਿਚਾਲੇ ਹੋਏ ਝਗੜੇ ਦਾ ਰਾਜ਼ੀਨਾਮਾ ਕਰਵਾਇਆ ਸੀ, ਜਿਸ ਦੀ ਰੰਜਿਸ਼ ਰੱਖਦਿਆਂ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਪਰਿਵਾਰ ਦੇ ਦੱਸਣ ਮੁਤਾਬਕ, ਹਮਲਾਵਰਾਂ ਨੇ ਪਹਿਲਾਂ ਸਰਪੰਚ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਸਿਟੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਫ਼ਰਾਰ ਹਨ, ਜਦਕਿ ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਸਥਾਨਕ ਲੋਕਾਂ ਨੇ ਕਾਬੂ ਕਰ ਲਿਆ। ਝੜਪ ਦੌਰਾਨ ਉਸ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਜ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਫ਼ਰਾਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।