Weather Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉੱਤਰੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਦੂਜੇ ਪਾਸੇ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬਰਸਾਤ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਪੁਰਾਣੇ ਜਾਂ ਕਮਜ਼ੋਰ ਦਰੱਖਤਾਂ ਹੇਠ ਵਾਹਨ ਖੜ੍ਹੇ ਨਾ ਕੀਤੇ ਜਾਣ ਅਤੇ ਅਜਿਹੇ ਦਰੱਖਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਇਸ ਦੇ ਨਾਲ ਹੀ ਪ੍ਰਸ਼ਾਸਨ ਵਲੋਂ ਇੱਕ ਐਪ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਸਬੰਧਿਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ ।