ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਟਕਰਾਅ ਦੌਰਾਨ 26 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿੱਚ 26 ਸਾਲਾ ਵਿਜੇ ਮਸੀਹ ਦੇ ਸਿਰ ਵਿੱਚ ਗੋਲੀ ਲੱਗ ਗਈ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਵੀ ਪਿੰਡ ਵਿੱਚ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸਮਝੌਤਾ ਕਰਵਾ ਦਿੱਤਾ ਸੀ। ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਸੇ ਰੰਜਿਸ਼ ਦੇ ਚਲਦਿਆਂ ਬੀਤੀ ਰਾਤ ਕੁਝ ਨੌਜਵਾਨ ਬਾਹਰੋਂ ਲੋਕ ਲੈ ਕੇ ਪਿੰਡ ਵਿੱਚ ਆਏ ਅਤੇ ਹਮਲਾ ਕਰ ਦਿੱਤਾ। ਪਰਿਵਾਰ ਦਾ ਦਾਅਵਾ ਹੈ ਕਿ ਵਿਜੇ ਮਸੀਹ ਸਿਰਫ਼ ਝਗੜਾ ਦੇਖਣ ਲਈ ਘਰ ਤੋਂ ਬਾਹਰ ਗਿਆ ਸੀ, ਪਰ ਇਸ ਦੌਰਾਨ ਚਲਾਈ ਗਈ ਗੋਲੀ ਉਸ ਦੇ ਸਿਰ ਵਿੱਚ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪਿੰਡ ਦੇ ਸਰਪੰਚ ਵੱਲੋਂ ਪਹਿਲਾਂ ਹੀ ਪੁਲਿਸ ਨੂੰ ਸੰਭਾਵਿਤ ਝਗੜੇ ਦੀ ਸੂਚਨਾ ਦਿੱਤੀ ਗਈ ਸੀ, ਪਰ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਇਹ ਦਰਦਨਾਕ ਘਟਨਾ ਵਾਪਰ ਗਈ।
ਉੱਧਰ, ਇਸ ਮਾਮਲੇ ਸਬੰਧੀ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।