ਬਰਨਾਲਾ: ਪੰਜਾਬ ਦੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਮਹਿਲਾ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ, ਸਫਾਈ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਪੈਦਾ ਹੋ ਗਿਆ। ਹਾਲਾਤ ਵਿਗੜਨ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਵਿੱਚ ਕਈ ਮਹਿਲਾ ਸਫਾਈ ਕਰਮਚਾਰੀਆਂ ਨੂੰ ਵੀ ਸੱਟਾਂ ਲੱਗੀਆਂ।
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਮਾਮਲੇ ਨੇ ਤੂਲ ਫੜ ਲਿਆ। ਵੱਖ-ਵੱਖ ਸਮਾਜਿਕ ਅਤੇ ਸਿਆਸੀ ਧਿਰਾਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ, ਜਦਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਦਿਆਂ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ।
ਵਿਵਾਦ ਵਧਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦਾ ਤੁਰੰਤ ਨੋਟਿਸ ਲਿਆ ਅਤੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਕਿਸੇ ਵੀ ਹਾਲਤ ਵਿੱਚ ਮਹਿਲਾਵਾਂ ਨਾਲ ਬੇਲੋੜੀ ਜਾਂ ਅਣਉਚਿਤ ਸਖ਼ਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਫਿਲਹਾਲ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਤੋਂ ਪੂਰੀ ਰਿਪੋਰਟ ਮੰਗੀ ਗਈ ਹੈ ਅਤੇ ਜਾਂਚ ਦੇ ਆਧਾਰ ‘ਤੇ ਲੋੜੀਂਦੀ ਅਗਲੀ ਕਾਰਵਾਈ ਕੀਤੀ ਜਾਵੇਗੀ।
