ਨਵੀਂ ਦਿੱਲੀ : NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਪਿਛਲੇ 36 ਦਿਨਾਂ ਤੋਂ ਜੰਤਰ-ਮੰਤਰ ‘ਤੇ ਚੱਲ ਰਹੇ ਤਿੱਖੇ ਵਿਰੋਧ ਪ੍ਰਦਰਸ਼ਨਾਂ ਦੇ ਦਰਮਿਆਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਅਤੇ ਅਧਿਕਾਰਕ ਪੱਤਰ ਜਾਰੀ ਕਰਕੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਅੰਦੋਲਨਕਾਰੀਆਂ ਦਾ ਕਹਿਣਾ ਸੀ ਕਿ ਜਦ ਤੱਕ ਧਰਮੇਂਦਰ ਪ੍ਰਧਾਨ ਅਸਤੀਫਾ ਨਹੀਂ ਦਿੰਦੇ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਹ ਪ੍ਰਦਰਸ਼ਨ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਗਵਾਈ ਵਿਚ ਚੱਲ ਰਿਹਾ ਸੀ ਅਤੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁੱਕ ਨੇ ਸਿੱਖਿਆ ਮੰਤਰੀ ਤੇ ਅਸਤੀਫ਼ੇ ਨੂੰ ਲੈ ਕੇ ਮਰਨ ਵਰਤ ਰੱਖਿਆ ਸੀ ।
— Dharmendra Pradhan (@dpradhanbjp) July 25, 2026
ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਸੋਨਮ ਵਾਂਗਚੁੱਕ ਨੂੰ ਜੰਤਰ-ਮੰਤਰ ਤੋਂ ਹਟਾ ਕੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਪਰ ਉਨ੍ਹਾਂ ਨੇ ਹਸਪਤਾਲ ਵਿੱਚ ਵੀ ਆਪਣਾ ਮਰਨ ਵਰਤ ਤੋੜਨ ਤੋਂ ਇਨਕਾਰ ਕਰ ਦਿੱਤਾ। ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਅਤੇ ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨੀ ਕਦਮ ਚੁੱਕਣ ਦਾ ਭਰੋਸਾ ਮਿਲਣ ਮਗਰੋਂ ਉਨ੍ਹਾਂ ਨੇ 26ਵੇਂ ਦਿਨ ਆਪਣਾ ਮਰਨ ਵਰਤ ਸਮਾਪਤ ਕੀਤਾ।
ਇਸ ਤੋਂ ਪਹਿਲਾਂ 20 ਜੁਲਾਈ ਨੂੰ ਜੰਤਰ-ਮੰਤਰ ਤੋਂ ਕੱਢੇ ਗਏ ਸੰਸਦ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪ ਹੋਈ ਸੀ। ਅੰਦੋਲਨਕਾਰੀਆਂ ਨੇ ਪੁਲਿਸ ‘ਤੇ ਲਾਠੀਚਾਰਜ ਅਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ, ਜਿਸ ਤੋਂ ਬਾਅਦ ਇਹ ਅੰਦੋਲਨ ਸਿਰਫ਼ ਦਿੱਲੀ ਤੱਕ ਸੀਮਿਤ ਨਾ ਰਹਿ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ। ਹੁਣ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਇਸ ਪੂਰੇ ਅੰਦੋਲਨ ਦਾ ਇੱਕ ਵੱਡਾ ਸਿਆਸੀ ਮੋੜ ਮੰਨਿਆ ਜਾ ਰਿਹਾ ਹੈ।ਜੰਤਰ-ਮੰਤਰ ‘ਤੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਖ਼ਬਰ ਮਿਲਦੇ ਹੀ ਪ੍ਰਦਰਸ਼ਨਕਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।