ਚੰਡੀਗੜ੍ਹ: ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ 27 ਜੁਲਾਈ 2026 ਤੋਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ। ਇਹ ਐਲਾਨ ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਕੀਤਾ ਗਿਆ ਹੈ। ਇਹ ਫੈਸਲਾ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀ ਸਾਂਝੀ ਮੀਟਿੰਗ ਤੋਂ ਬਾਅਦ ਲਿਆ ਗਿਆ।
ਕਈ ਮੀਟਿੰਗਾਂ ਦੇ ਬਾਵਜੂਦ ਨਹੀਂ ਨਿਕਲਿਆ ਹੱਲ
ਸਾਂਝੇ ਫਰੰਟ ਨੇ ਦੱਸਿਆ ਕਿ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਕਈ ਵਾਰ ਮੰਗ-ਪੱਤਰ ਸੌਂਪੇ ਗਏ, ਪਰ ਅਜੇ ਤੱਕ ਕਿਸੇ ਵੀ ਮੰਗ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਨਹੀਂ ਕੀਤਾ ਗਿਆ।
ਸਰਕਾਰ ਨੂੰ ਦਿੱਤੀ ਆਖਰੀ ਚੇਤਾਵਨੀ
ਫਰੰਟ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਹਰ ਵਾਰ ਕਰਮਚਾਰੀਆਂ ਨੂੰ ਸਿਰਫ਼ ਭਰੋਸੇ ਹੀ ਦਿੱਤੇ ਗਏ, ਜਿਸ ਕਾਰਨ ਹੁਣ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਹਰ ਰੋਜ਼ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਅਜੇ ਵੀ ਅਣਸੁਲਝੀਆਂ ਹਨ। ਫਰੰਟ ਨੇ ਪੰਜਾਬ ਸਰਕਾਰ ਨੂੰ 27 ਜੁਲਾਈ ਤੋਂ ਪਹਿਲਾਂ ਗੱਲਬਾਤ ਕਰਕੇ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਅਪੀਲ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ। ਫਰੰਟ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਲੋਕਾਂ ਨੂੰ ਹੋਣ ਵਾਲੀ ਕਿਸੇ ਵੀ ਅਸੁਵਿਧਾ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।