ਮੋਹਾਲੀ : ਮੋਹਾਲੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਦੀ ਐਂਟੀ ਨਾਰਕੋਟਿਕਸ ਸਟਾਫ ਟੀਮ ‘ਤੇ ਹਮਲੇ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰਨ ਦੇ ਨਾਲ-ਨਾਲ ਤਲਵਾਰਾਂ ਨਾਲ ਵੀ ਹਮਲਾ ਕੀਤਾ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਦੀ ਐਂਟੀ ਨਾਰਕੋਟਿਕਸ ਟੀਮ ਨੂੰ ਲਾਂਡਰਾਂ-ਬਨੂੜ ਰੋਡ ‘ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਦੀ ਡਿਲਿਵਰੀ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਇੱਕ ਸਵਿਫਟ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਕਾਰ ਸਵਾਰਾਂ ਨਾਲ ਪੁਲਿਸ ਦੀ ਬਹਿਸ ਹੋ ਗਈ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਆਪਣੇ ਹੋਰ ਸਾਥੀਆਂ ਨੂੰ ਮੌਕੇ ‘ਤੇ ਬੁਲਾ ਲਿਆ।ਇਸ ਤੋਂ ਬਾਅਦ ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਜਗਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਮੋਹਾਲੀ ਦੇ ਫੇਜ਼-6 ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਮੋਹਾਲੀ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੋਹਾਲੀ ਪੁਲਿਸ ਦੇ ਐਸਪੀ (ਡੀ) ਸੌਰਵ ਜਿੰਦਲ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।