ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਹਲਕੇ ਦੇ ਪਿੰਡ ਚੜਿੱਕ ਵਿਖੇ 120 ਬੈੱਡਾਂ ਵਾਲੇ ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਹਸਪਤਾਲ ਦਾ ਉਦੇਸ਼ ਮਾਲਵਾ ਖੇਤਰ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਵੀ ਮਿਲੇਗੀ। ਇਸ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਇਲਾਜ ਲਈ ਦੂਰ ਵੱਡੇ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਧੁਨਿਕ ਇਲਾਜ ਦੀਆਂ ਸਹੂਲਤਾਂ ਉਨ੍ਹਾਂ ਦੇ ਨੇੜੇ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸਸਤਾ ਅਤੇ ਗੁਣਵੱਤਾ ਭਰਪੂਰ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਖੇਤਰ ਵਿੱਚ ਹੋਰ ਸੁਧਾਰ ਲਈ ਵੀ ਲਗਾਤਾਰ ਯਤਨ ਜਾਰੀ ਰਹਿਣਗੇ।