ਨਵੀਂ ਦਿੱਲੀ: ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਹੁਣ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਜਗ੍ਹਾ ਮੰਤਰਾਲੇ ਦਾ ਕੰਮਕਾਜ ਸੰਭਾਲਣਗੇ।ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਿਫਾਰਸ਼ ‘ਤੇ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਧਰਮਿੰਦਰ ਪ੍ਰਧਾਨ ਦੇ ਕਾਰਜਕਾਲ ਦੌਰਾਨ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। ਇਸ ਤੋਂ ਬਾਅਦ ਸਿੱਖਿਆ ਮੰਤਰਾਲੇ ਵਿੱਚ ਇਹ ਵੱਡਾ ਬਦਲਾਅ ਸਾਹਮਣੇ ਆਇਆ ਹੈ।ਪ੍ਰਹਲਾਦ ਜੋਸ਼ੀ ਕੋਲ ਪਹਿਲਾਂ ਹੀ ਉਪਭੋਗਤਾ ਮਾਮਲੇ, ਖਾਦ ਅਤੇ ਜਨਤਕ ਵੰਡ ਮੰਤਰਾਲੇ ਦੀ ਜ਼ਿੰਮੇਵਾਰੀ ਹੈ। ਹੁਣ ਉਹ ਸਿੱਖਿਆ ਮੰਤਰਾਲੇ ਦਾ ਵਾਧੂ ਕੰਮ ਵੀ ਸੰਭਾਲਣਗੇ।
ਇਹ ਬਦਲਾਅ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਮਿੰਦਰ ਪ੍ਰਧਾਨ ਖਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਸਨ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸਨ ਅਤੇ ਜ਼ਿੰਮੇਵਾਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਹੁਣ ਪ੍ਰਹਲਾਦ ਜੋਸ਼ੀ ਦੇ ਸਿੱਖਿਆ ਮੰਤਰਾਲਾ ਸੰਭਾਲਣ ਤੋਂ ਬਾਅਦ ਸਭ ਦੀ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਕਿਵੇਂ ਹੱਲ ਕਰਦੀ ਹੈ।