ਪੰਜਾਬ ਦੇ ਵਿਕਾਸ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅਮਨ ਕਾਨੂੰਨ, ਉਦਯੋਗਾਂ ਸਮੇਤ ਕਈ ਮੁੱਦਿਆਂ ‘ਤੇ ਹੋਈ ਸਾਰਥਕ ਚਰਚਾ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਹਰ ਮੁੱਦੇ ‘ਤੇ ਖੁੱਲ੍ਹ ਕੇ ਗੱਲਬਾਤ ਹੋਈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਧ ਰਹੇ ਗੈਂਗਸਟਰਵਾਦ, ਨਸ਼ੇ ਦੀ ਸਮੱਸਿਆ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
‘ਪ੍ਰਧਾਨ ਮੰਤਰੀ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਗੰਭੀਰ’
ਇਸ ਮੁਲਾਕਾਤ ਸਬੰਧੀ ਢਿੱਲੋਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਬਹੁਤ ਸਾਰਥਿਕ ਮਾਹੌਲ ਵਿੱਚ ਹੋਈ ਅਤੇ ਪ੍ਰਧਾਨ ਮੰਤਰੀ ਨੇ ਬਹੁਤ ਗੰਭੀਰਤਾ ਨਾਲ ਪੂਰੀ ਗੱਲ ਸੁਣੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਨੂੰ ਲੈ ਕੇ ਬਹੁਤ ਚਿੰਤਤ ਹਨ ਅਤੇ ਸੂਬੇ ਦੇ ਮੌਜੂਦਾ ਹਾਲਾਤਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਇੱਕ ਕਾਰਕੁਨ ਵਜੋਂ ਆਪਣੇ ਕੰਮ ਅਤੇ ਤਜਰਬੇ ਵੀ ਸਾਂਝੇ ਕੀਤੇ। ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਸਰਵਉੱਚ ਅਹੁਦੇ ‘ਤੇ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਅੱਜ ਵੀ ਪੰਜਾਬ ਦੀ ਧਰਾਤਲ ਨਾਲ ਜੁੜੇ ਹੋਏ ਹਨ।
ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਹੋਈ ਚਰਚਾ
ਸ. ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ, ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੰਜਾਬ ਨੂੰ ਮੁੜ ਦੇਸ਼ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗੀ। ਢਿੱਲੋਂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਵਿਕਾਸ, ਸੁਸ਼ਾਸਨ ਅਤੇ ਡਬਲ ਇੰਜਣ ਸਰਕਾਰ ਦੇ ਮਾਡਲ ਨਾਲ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ‘ਤੇ ਲੈ ਕੇ ਜਾਵੇਗੀ।
‘ਪੰਜਾਬ ਨੂੰ ਡਬਲ ਇੰਜਣ ਸਰਕਾਰ ਦੀ ਲੋੜ’
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪਹਿਲਾਂ ਗੁਜਰਾਤ ਅਤੇ ਬਾਅਦ ਵਿੱਚ ਦੇਸ਼ ਵਿੱਚ ਵਿਕਾਸ ਅਤੇ ਤਰੱਕੀ ਹੋਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਨੂੰ ਵੀ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਦੀ ਲੋੜ ਹੈ, ਤਾਂ ਜੋ ਸੂਬਾ ਵੀ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰ ਸਕੇ।
ਸੰਗਰੂਰ ਹਮਲੇ ਅਤੇ ਪੇਪਰ ਲੀਕ ਮਾਮਲੇ ‘ਤੇ ਸਰਕਾਰ ਨੂੰ ਘੇਰਿਆ
ਇਸ ਤੋਂ ਇਲਾਵਾ ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਵਿੱਚ ਭਾਜਪਾ ਦਫ਼ਤਰ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਸੂਬਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ। ਉਨ੍ਹਾਂ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲੇ ਨੂੰ ਲੈ ਕੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਸਰਕਾਰ ਨੂੰ ਲੈਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਅੱਜ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ, ਪੰਜਾਬ ਦੀ ਰੀੜ੍ਹ ਦੀ ਹੱਡੀ ਜਾਣੇ ਜਾਂਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ ਅਤੇ ਨਵੇਂ ਨਿਵੇਸ਼ ਰਾਹੀਂ ਪੰਜਾਬ ਨੂੰ ਮੁੜ ਉਦਯੋਗਿਕ ਧੁਰਾ ਬਣਾਉਣ, ਨੌਜਵਾਨਾਂ ਲਈ… pic.twitter.com/US2YKTnPRf
— Kewal Singh Dhillon (@KewalDhillonPB) July 27, 2026