ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚਾਲੇ ਹੋਈ ਅਹਿਮ ਮੀਟਿੰਗ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ। ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖ਼ਾਹ 10,500 ਤੋਂ ਵਧਾ ਕੇ 20,500 ਰੁਪਏ ਕਰਨ ਦਾ ਐਲਾਨ ਕੀਤਾ ਹੈ।ਹੜਤਾਲ ਖ਼ਤਮ ਹੋਈ ਅਤੇ 4 ਸਾਲ ਬਾਅਦ ਪੱਕੀ ਨੌਕਰੀ ਦਾ ਵੀ ਐਲਾਨ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਕ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਮਾਮਲੇ ਦੀ ਨਿਰਪੱਖ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਐਫ਼ਆਈਆਰ ਦਰਜ ਕੀਤੀ ਜਾਵੇਗੀ।
ਸਫਾਈ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵੱਡਾ ਵਾਧਾ
ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਠੇਕੇ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਚਾਰ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਪੱਕਾ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਹੜਤਾਲ ਖ਼ਤਮ, ਕੰਮਕਾਜ ਹੋਵੇਗਾ ਮੁੜ ਸ਼ੁਰੂ
ਸਰਕਾਰ ਵੱਲੋਂ ਮੰਗਾਂ ਮੰਨਣ ਅਤੇ ਭਰੋਸਾ ਦੇਣ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਨਾਲ ਸੂਬੇ ਭਰ ਵਿੱਚ ਨਗਰ ਨਿਗਮਾਂ ਅਤੇ ਸਥਾਨਕ ਸਰਕਾਰਾਂ ਅਧੀਨ ਸਫਾਈ ਸੇਵਾਵਾਂ ਮੁੜ ਆਮ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਅੱਗੇ ਵੀ ਵਚਨਬੱਧ ਰਹੇਗੀ।