Char Dham News : ਉੱਤਰਾਖੰਡ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਚਾਰਧਾਮ ਯਾਤਰਾ 2026 ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਯਾਤਰਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਰਾਜ ਦੇ ਕਈ ਇਲਾਕਿਆਂ ਵਿੱਚ ਜ਼ਮੀਨ ਖਿਸਕਣ, ਚੱਟਾਨਾਂ ਡਿੱਗਣ ਅਤੇ ਮੁੱਖ ਸੜਕਾਂ ਬੰਦ ਹੋਣ ਕਾਰਨ ਇਹ ਕਦਮ ਚੁੱਕਿਆ ਗਿਆ ਹੈ।ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਆਮ ਹੋਣ ਅਤੇ ਸਾਰੇ ਰਸਤੇ ਪੂਰੀ ਤਰ੍ਹਾਂ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਚਾਰਧਾਮ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ।
ਉੱਤਰਾਖੰਡ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੌਨਸੂਨੀ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ ‘ਤੇ ਮਲਬਾ ਅਤੇ ਚੱਟਾਨਾਂ ਡਿੱਗਣ ਦੀਆਂ ਘਟਨਾਵਾਂ ਕਾਰਨ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਜਾਣ ਵਾਲੇ ਮੁੱਖ ਰਸਤੇ ਪ੍ਰਭਾਵਿਤ ਹੋਏ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਘੰਟਿਆਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।ਮੌਸਮ ਵਿਭਾਗ ਨੇ 29 ਜੁਲਾਈ 2026 ਸਵੇਰੇ 5:30 ਵਜੇ ਤੱਕ ਫਲੈਸ਼ ਫਲੱਡ (ਅਚਾਨਕ ਹੜ੍ਹ) ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਜਲ ਕਮਿਸ਼ਨ ਨੇ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕਈ ਇਲਾਕਿਆਂ ਵਿੱਚ ਦਰਮਿਆਨੇ ਹੜ੍ਹ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਨੇ ਅਚਾਨਕ ਹੜ੍ਹਾਂ ਦੀ ਸੰਭਾਵਨਾ ਬਾਰੇ 24 ਘੰਟੇ ਦੀ ਭਵਿੱਖਬਾਣੀ ਵੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹਾਂ ਦੇ ਖ਼ਤਰੇ ਦੀ ਭਵਿੱਖਬਾਣੀ ਕੀਤੀ ਹੈ।ਅਲਮੋੜਾ, ਬਾਗੇਸ਼ਵਰ, ਚਮੋਲੀ, ਦੇਹਰਾਦੂਨ, ਪੌੜੀ ਗੜ੍ਹਵਾਲ, ਟਿਹਰੀ ਗੜ੍ਹਵਾਲ, ਨੈਨੀਤਾਲ, ਪਿਥੌਰਾਗੜ੍ਹ, ਰੁਦਰਪ੍ਰਯਾਗ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੇ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਹੈ।
ਪ੍ਰਸ਼ਾਸਨ ਨੇ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ, ਬਿਨਾਂ ਲੋੜ ਯਾਤਰਾ ਨਾ ਕਰਨ ਅਤੇ ਪਹਾੜੀ ਰਸਤਿਆਂ ‘ਤੇ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਨਾਲ ਹੀ ਲੋਕਾਂ ਨੂੰ ਸਿਰਫ਼ ਮੌਸਮ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਸਲਾਹ ਦਿੱਤੀ ਗਈ ਹੈ।