ਅਬੋਹਰ: ਪੰਜਾਬ ਦੇ ਅਬੋਹਰ ਸ਼ਹਿਰ ਵਿੱਚ ਬੁੱਧਵਾਰ ਸਵੇਰੇ ਹੜਕੰਪ ਮਚ ਗਿਆ। ਸ਼ਹਿਰ ਦੇ ਕੁਝ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਮਿਲੇ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸਕੂਲਾਂ ਵਿੱਚ ਛੁੱਟੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ।ਧਮਕੀ ਦੀ ਖ਼ਬਰ ਮਿਲਦੇ ਹੀ ਮਾਪਿਆਂ ਵਿੱਚ ਚਿੰਤਾ ਫੈਲ ਗਈ। ਕਈ ਮਾਪੇ ਤੁਰੰਤ ਸਕੂਲਾਂ ਵਿੱਚ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਗਏ। ਜਿਨ੍ਹਾਂ ਬੱਚਿਆਂ ਨੂੰ ਮਾਪੇ ਨਹੀਂ ਲੈ ਸਕੇ, ਉਨ੍ਹਾਂ ਨੂੰ ਸਕੂਲ ਬੱਸਾਂ ਰਾਹੀਂ ਸੁਰੱਖਿਅਤ ਘਰ ਭੇਜਿਆ ਗਿਆ। ਅਚਾਨਕ ਛੁੱਟੀ ਹੋਣ ਕਾਰਨ ਕੁਝ ਸਮੇਂ ਲਈ ਅਫ਼ਰਾਤਫ਼ਰੀ ਦਾ ਮਾਹੌਲ ਬਣਿਆ ਰਿਹਾ।
ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 9 ਵਜੇ ਧਮਕੀ ਭਰਿਆ ਈਮੇਲ ਮਿਲਿਆ। ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਤੁਰੰਤ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਨਾਲ ਹੀ ਸੁਰੱਖਿਆ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐਸਪੀ ਹਰੀਸ਼ ਕੁਮਾਰ ਅਤੇ ਸਿਟੀ ਥਾਣਾ ਇੰਚਾਰਜ ਇੰਸਪੈਕਟਰ ਰਵਿੰਦਰ ਭਿੱਟੀ ਦੀ ਅਗਵਾਈ ਵਿੱਚ ਜਾਂਚ ਸ਼ੁਰੂ ਕੀਤੀ ਗਈ। ਬੰਬ ਸਕੁਐਡ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਟੀਮਾਂ ਨੇ ਸਕੂਲ ਦੇ ਹਰ ਕਮਰੇ ਦੀ ਤਲਾਸ਼ੀ ਲਈ। ਕਲਾਸਰੂਮ, ਦਫ਼ਤਰ, ਮੈਦਾਨ ਅਤੇ ਹੋਰ ਹਿੱਸਿਆਂ ਦੀ ਵੀ ਜਾਂਚ ਕੀਤੀ ਗਈ।
ਹਾਲਾਂਕਿ , ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਪੁਲਿਸ ਨੇ ਦੱਸਿਆ ਕਿ ਜਾਂਚ ਅਜੇ ਵੀ ਜਾਰੀ ਹੈ। ਧਮਕੀ ਭਰਿਆ ਈਮੇਲ ਭੇਜਣ ਵਾਲੇ ਦੀ ਪਛਾਣ ਲਈ ਸਾਈਬਰ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ।ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।