ਨੰਗਲ: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕੇਂਦਰ ਸਰਕਾਰ ਨੇ ਨੰਗਲ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਐਕਸਪ੍ਰੈੱਸ ਦੇ ਸਟਾਪ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ 29 ਜੁਲਾਈ ਤੋਂ ਲਾਗੂ ਹੋ ਗਿਆ ਹੈ, ਜਿਸ ਨਾਲ ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਹਜ਼ਾਰਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ।
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਨੰਗਲ ਵਿਖੇ ਇਸ ਟ੍ਰੇਨ ਦੇ ਸਟਾਪ ਦੀ ਮੰਗ ਲਗਾਤਾਰ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਕੋਲ ਉਠਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ, ਵਿਦਿਆਰਥੀਆਂ, ਨੌਕਰੀਪੇਸ਼ਾ ਕਰਮਚਾਰੀਆਂ ਅਤੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਮੰਗ ਕੀਤੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਨੰਗਲ ਰੇਲਵੇ ਸਟੇਸ਼ਨ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਰੇਲਵੇ ਸਟੇਸ਼ਨ ਹੈ ਅਤੇ ਇੱਥੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਯਾਤਰਾ ਕਰਦੇ ਹਨ। ਇਸ ਫੈਸਲੇ ਨਾਲ ਯਾਤਰੀਆਂ ਨੂੰ ਤੇਜ਼, ਆਰਾਮਦਾਇਕ ਅਤੇ ਆਧੁਨਿਕ ਰੇਲ ਸੇਵਾ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਨੂੰ ਵੀ ਸਫ਼ਰ ਵਿੱਚ ਵੱਡੀ ਸਹੂਲਤ ਪ੍ਰਾਪਤ ਹੋਵੇਗੀ।
ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਸਾਂਸਦ @kang_malvinder ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ
ਕੇਂਦਰ ਸਰਕਾਰ ਵੱਲੋਂ ਵੰਦੇ ਭਾਰਤ ਐਕਸਪ੍ਰੈੱਸ ਦਾ ਨੰਗਲ ਰੇਲਵੇ ਸਟੇਸ਼ਨ ’ਤੇ ਸਟਾਪ ਹੋਇਆ ਮਨਜ਼ੂਰ pic.twitter.com/7wbuF2wBa0
— AAP Punjab (@AAPPunjab) July 29, 2026
ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨਾ ਇੱਕ ਸਕਾਰਾਤਮਕ ਕਦਮ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਹ ਆਪਣੇ ਹਲਕੇ ਦੇ ਵਿਕਾਸ, ਬਿਹਤਰ ਆਵਾਜਾਈ ਸਹੂਲਤਾਂ ਅਤੇ ਲੋਕਾਂ ਦੀ ਭਲਾਈ ਲਈ ਅੱਗੇ ਵੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉੱਥੇ ਹੀ, ਇਸ ਫੈਸਲੇ ਨੂੰ ਇਲਾਕੇ ਦੇ ਲੋਕਾਂ ਵੱਲੋਂ ਇੱਕ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਇਸ ਨਾਲ ਨਾ ਸਿਰਫ਼ ਯਾਤਰੀਆਂ ਨੂੰ ਸੁਵਿਧਾ ਮਿਲੇਗੀ, ਸਗੋਂ ਖੇਤਰ ਦੇ ਵਿਕਾਸ ਅਤੇ ਧਾਰਮਿਕ ਸੈਰ-ਸਪਾਟੇ ਨੂੰ ਵੀ ਨਵਾਂ ਉਤਸ਼ਾਹ ਮਿਲਣ ਦੀ ਉਮੀਦ ਹੈ।