ਜਲੰਧਰ: ਗੁਰਾਇਆ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਟਰੱਕ ਅਤੇ ਐਕਟਿਵਾ ਸਕੂਟਰੀ ਦੀ ਭਿਆਨਕ ਟੱਕਰ ਹੋਣ ਕਾਰਨ ਇੱਕ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ (SSF) ਅਤੇ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕੀਤਾ।
ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ MDT ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਵੰਦਨਾ ਆਪਣੇ ਪੁੱਤਰ ਆਰੂਸ਼ ਅਤੇ ਧੀ ਨਿਤਾਸ਼ਾ ਨਾਲ ਐਕਟਿਵਾ ਸਕੂਟਰੀ ‘ਤੇ ਪਿੰਡ ਪਤਾਰਾ (ਰਾਮਾ ਮੰਡੀ) ਤੋਂ ਲੁਧਿਆਣਾ ਜਾ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ।ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਈ। ਹਾਦਸੇ ਵਿੱਚ ਮਾਸੂਮ ਨਿਤਾਸ਼ਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਵੰਦਨਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਸਮੇਂ ਸਕੂਟਰੀ ‘ਤੇ ਸਵਾਰ ਪੁੱਤਰ ਵੀ ਸਹਿਮ ਗਿਆ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਹਾਦਸੇ ਤੋਂ ਬਾਅਦ SSF ਦੀ ਟੀਮ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਜ਼ਖ਼ਮੀਆਂ ਨੂੰ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ। ਟੀਮ ਨੇ ਪੀੜਤ ਪਰਿਵਾਰ ਨੂੰ ਪਾਣੀ ਪਿਲਾਇਆ ਅਤੇ ਤੁਰੰਤ ਥਾਣਾ ਗੁਰਾਇਆ ਪੁਲਿਸ ਨੂੰ ਸੂਚਿਤ ਕੀਤਾ।
ਉਥੇ ਹੀ ਸੂਚਨਾ ਮਿਲਣ ‘ਤੇ ਗੁਰਾਇਆ ਪੁਲਿਸ ਮੌਕੇ ‘ਤੇ ਪਹੁੰਚ ਗਈ। SSF ਦੀ ਟੀਮ ਨੇ ਟਰੱਕ ਅਤੇ ਉਸ ਦੇ ਚਾਲਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦੀ ਮੌਜੂਦਗੀ ਵਿੱਚ ਮਾਸੂਮ ਬੱਚੀ ਦੀ ਦੇਹ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।