ਚੰਡੀਗੜ੍ਹ: ਪੰਜਾਬ ਵਿੱਚ ਫਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ। ਇਸੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਨੇ ਮਾਮਲੇ ਨੂੰ ਲੈ ਕੇ ਆਪਣੀ ਰਣਨੀਤੀ ਹੋਰ ਤੇਜ਼ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਰਾਜਪਾਲ ਨੂੰ ਮਿਲ ਕੇ ਮੰਗ ਪੱਤਰ ਸੌਂਪਣ ਦਾ ਫੈਸਲਾ ਲਿਆ ਗਿਆ।
ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ ਦਾ ਵਫ਼ਦ
ਮੀਟਿੰਗ ਤੋਂ ਬਾਅਦ ਪਾਰਟੀ ਨੇ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਇਸ ਦੌਰਾਨ ਰਾਜਪਾਲ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਉਠਾਏ ਜਾਣਗੇ।ਅਕਾਲੀ ਦਲ ਨੇ ਫਰੀਦਕੋਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਦੁਹਰਾਈ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਸੁਤੰਤਰ ਜਾਂਚ ਜ਼ਰੂਰੀ ਹੈ। ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਵੀ ਇੱਕ ਵਾਰ ਫਿਰ ਉਠਾਈ ਗਈ।
ਮਨਰੇਗਾ ਵਰਕਰਾਂ ਅਤੇ ਸਫ਼ਾਈ ਕਰਮਚਾਰੀਆਂ ਦਾ ਮੁੱਦਾ ਵੀ ਚੁੱਕਿਆ ਜਾਵੇਗਾ
ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਪੇਪਰ ਲੀਕ ਤੋਂ ਇਲਾਵਾ ਮਨਰੇਗਾ ਵਰਕਰਾਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਹੋਈ ਕਥਿਤ ਕੁੱਟਮਾਰ ਦੇ ਮਾਮਲੇ ਵੀ ਸ਼ਾਮਲ ਹੋਣਗੇ। ਪਾਰਟੀ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਜਾਂਚ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।