ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਅਚਾਨਕ ਹੋਈ ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਕੇ ਘਟਨਾ ਸਥਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਹਾਲਾਂਕਿ, ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਇਹ ਕੋਈ ਵਿਸਫੋਟਕ ਧਮਾਕਾ ਨਹੀਂ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਆਵਾਜ਼ ਪਟਾਕੇ ਚਲਾਉਣ ਕਾਰਨ ਹੋਈ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਟਾਕੇ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਜਾਂਚਿਆ ਜਾ ਰਿਹਾ ਹੈ ਕਿ ਪਟਾਕੇ ਚਲਾਉਣ ਦੇ ਪਿੱਛੇ ਕੋਈ ਹੋਰ ਮਕਸਦ ਤਾਂ ਨਹੀਂ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਸਫੋਟਕ ਜਾਂ ਗੰਭੀਰ ਨੁਕਸਾਨ ਦੇ ਸਬੂਤ ਨਹੀਂ ਮਿਲੇ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।