ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਵੀ ਸਦਨ ਵਿੱਚ ਹੰਗਾਮਾ ਅਤੇ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਨੇ ਵੱਖ-ਵੱਖ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਸਦਨ ਦਾ ਮਾਹੌਲ ਗਰਮਾਇਆ ਰਿਹਾ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਬੁੱਧਵਾਰ ਸਵੇਰੇ 10 ਵਜੇ ਤੱਕ ਲਈ ਮੁਅੱਤਲ ਕਰ ਦਿੱਤੀ।ਇਜਲਾਸ ਦੇ ਦੂਜੇ ਦਿਨ ਵੀ ਸਦਨ ‘ਚ ਪ੍ਰਦਰਸ਼ਨ ਦੇਖਣ ਨੂੰ ਮਿਲਿਆ ।
ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਆ ਸਕਦਾ ਹੈ ਵੱਡਾ ਕਾਨੂੰਨ
ਇਸ ਸੈਸ਼ਨ ਦਾ ਸਭ ਤੋਂ ਅਹਿਮ ਬਿੱਲ ਪੰਜਾਬ ਅਣ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਫੀਸ ਨਿਯਮ (ਸੋਧ) ਬਿੱਲ, 2026 ਮੰਨਿਆ ਜਾ ਰਿਹਾ ਹੈ। ਇਸ ਬਿੱਲ ਦਾ ਉਦੇਸ਼ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਫੀਸ ਵਾਧੇ ਨੂੰ ਨਿਯਮਤ ਕਰਨਾ ਹੈ।ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਸਾਲਾਨਾ ਫੀਸ ਵਾਧਾ 5 ਫੀਸਦੀ ਤੋਂ ਵੱਧ ਨਹੀਂ ਹੋਵੇਗਾ। ਇਸ ਤੋਂ ਇਲਾਵਾ, ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ਵਿੱਚ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਤਾਂ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇਗਾ।ਸਰਕਾਰ ਦਾ ਦਾਅਵਾ ਹੈ ਕਿ ਇਸ ਕਾਨੂੰਨ ਨਾਲ ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਬੇਅਦਬੀ ਕਾਨੂੰਨ ਅਤੇ ਕਾਨੂੰਨ-ਵਿਵਸਥਾ ‘ਤੇ ਵੀ ਹੋ ਸਕਦੀ ਹੈ ਚਰਚਾ
ਮਾਨਸੂਨ ਸੈਸ਼ਨ ਦੌਰਾਨ ਬੇਅਦਬੀ ਕਾਨੂੰਨ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਸ ਕਾਨੂੰਨ ਦਾ ਮਕਸਦ ਸਿਰਫ਼ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ ਅਤੇ ਇਸ ਦਾ ਕਿਸੇ ਵੀ ਧਾਰਮਿਕ ਪਰੰਪਰਾ ਜਾਂ ਧਾਰਮਿਕ ਸੰਸਥਾ ਦੇ ਅਧਿਕਾਰਾਂ ਵਿੱਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ।ਇਸ ਤੋਂ ਇਲਾਵਾ ਕਾਨੂੰਨ-ਵਿਵਸਥਾ, ਸਰਕਾਰੀ ਭਰਤੀਆਂ, ਕਰਮਚਾਰੀਆਂ ਦੇ ਮੁੱਦੇ ਅਤੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਵੀ ਸਦਨ ਵਿੱਚ ਤਿੱਖੀ ਬਹਿਸ ਹੋ ਸਕਦੀ ਹੈ।
ਬਰਨਾਲਾ ਘਟਨਾ ਸਮੇਤ ਕਈ ਮੁੱਦੇ ਵਿਰੋਧੀ ਧਿਰ ਚੁੱਕ ਸਕਦੀ ਹੈ
ਵਿਰੋਧੀ ਪਾਰਟੀਆਂ ਬਰਨਾਲਾ ਦੀ ਹਾਲੀਆ ਘਟਨਾ, ਕਾਨੂੰਨ-ਵਿਵਸਥਾ, ਬੇਰੁਜ਼ਗਾਰੀ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਦੂਜੇ ਪਾਸੇ, ਸਰਕਾਰ ਆਪਣੇ ਫ਼ੈਸਲਿਆਂ ਅਤੇ ਨੀਤੀਆਂ ਦਾ ਬਚਾਅ ਕਰਦੀ ਨਜ਼ਰ ਆ ਸਕਦੀ ਹੈ।
ਇਹ ਮਾਨਸੂਨ ਸੈਸ਼ਨ 10 ਅਗਸਤ ਤੱਕ ਚੱਲੇਗਾ, ਜਿਸ ਦੌਰਾਨ ਸਰਕਾਰ ਕਈ ਮਹੱਤਵਪੂਰਨ ਬਿੱਲ ਸਦਨ ਵਿੱਚ ਪੇਸ਼ ਕਰੇਗੀ। ਇਨ੍ਹਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਨੂੰ ਨਿਯਮਤ ਕਰਨ ਵਾਲਾ ਬਿੱਲ ਅਤੇ ਬੇਅਦਬੀ ਕਾਨੂੰਨ ਨਾਲ ਜੁੜੇ ਮੁੱਦੇ ਸਭ ਤੋਂ ਅਹਿਮ ਮੰਨੇ ਜਾ ਰਹੇ ਹਨ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ, ਸਰਕਾਰੀ ਭਰਤੀਆਂ ਅਤੇ ਹੋਰ ਜਨਹਿੱਤ ਦੇ ਮਾਮਲਿਆਂ ‘ਤੇ ਵੀ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ।