ਅੰਮ੍ਰਿਤਸਰ: ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ (ISI) ਨਾਲ ਜੁੜੇ ਇੱਕ ਕਥਿਤ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ 4 ਨਾਬਾਲਗ ਵੀ ਸ਼ਾਮਲ ਹਨ।ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ 4 ਬੋਤਲਾਂ ਬਰਾਮਦ ਕੀਤੀਆਂ ਹਨ। ਜਾਂਚ ਅਨੁਸਾਰ, ਇਨ੍ਹਾਂ ਬੋਤਲਾਂ ਦੀ ਵਰਤੋਂ ਕਥਿਤ ਤੌਰ ‘ਤੇ ਪੈਟਰੋਲ ਬੰਬ ਵਜੋਂ ਕੀਤੀ ਜਾਣੀ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਦਾਅਵਾ ਹੈ ਕਿ ਉਹ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ, ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਸੰਵੇਦਨਸ਼ੀਲ ਥਾਵਾਂ ਦੀ ਰੇਕੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਵਰਗੇ ਕੰਮ ਦਿੱਤੇ ਗਏ ਸਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕਥਿਤ ਸਾਜ਼ਿਸ਼ ਵੀ ਰਚੀ ਜਾ ਰਹੀ ਸੀ।
ਜਾਂਚ ਦੌਰਾਨ ਇੱਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਨੇ ਰੇਲਵੇ ਲਾਈਨਾਂ ਦੇ ਨੇੜੇ ਸੀਸੀਟੀਵੀ ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਰਾਹੀਂ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਪੁਲਿਸ ਦਾ ਦਾਅਵਾ ਹੈ ਕਿ ਰਿਕਾਰਡ ਕੀਤੀ ਗਈ ਫੁਟੇਜ ਵਿਦੇਸ਼ਾਂ ਵਿੱਚ ਬੈਠੇ ਆਈਐਸਆਈ ਹੈਂਡਲਰਾਂ ਨੂੰ ਭੇਜੀ ਜਾਂਦੀ ਸੀ।ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਇਹ ਫੁਟੇਜ ਕਿਸ ਮਕਸਦ ਲਈ ਵਰਤੀ ਜਾ ਰਹੀ ਸੀ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਥਾਣਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਪੂਰੇ ਨੈੱਟਵਰਕ, ਵਿਦੇਸ਼ੀ ਸੰਪਰਕਾਂ ਅਤੇ ਫੰਡਿੰਗ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।