ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਮਹਿੰਗਾਈ ਭੱਤਾ (DA) ਅਤੇ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਪਹੁੰਚੇ, ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ।
ਮੁਲਾਜ਼ਮ ਜਥੇਬੰਦੀਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮਹਿੰਗਾਈ ਭੱਤੇ ਦੇ ਬਕਾਏ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸੇ ਕਾਰਨ ਸੂਬੇ ਭਰ ਦੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ।
ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਵੀ ਨਹੀਂ ਮਿਲਿਆ ਡੀਏ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੇ ਮਾਮਲੇ ਵਿੱਚ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਡੀਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕਰ ਲਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਨਾਰਾਜ਼ਗੀ ਹੋਰ ਵੱਧ ਗਈ ਹੈ।
ਵਿਧਾਨ ਸਭਾ ਵੱਲ ਕੂਚ ਦੌਰਾਨ ਪੁਲਿਸ ਨੇ ਰੋਕਿਆ
ਪ੍ਰਦਰਸ਼ਨ ਤੋਂ ਬਾਅਦ ਮੁਲਾਜ਼ਮਾਂ ਨੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਚਲਾਈਆਂ ਗਈਆਂ। ਰੈਲੀ ਸਥਾਨ ਅਤੇ ਵਿਧਾਨ ਸਭਾ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਤਾਇਨਾਤ ਰਿਹਾ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਮਨਜ਼ੂਰੀ ਨਹੀਂ ਸੀ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਕਰਮਚਾਰੀਆਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।
ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ‘ਚ ਕੰਮ ਰਿਹਾ ਪ੍ਰਭਾਵਿਤ
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜਿਸ ਕਾਰਨ ਪੰਜਾਬ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਇਆ। ਕਈ ਵਿਭਾਗਾਂ ਵਿੱਚ ਲੋਕਾਂ ਨੂੰ ਆਪਣੇ ਕੰਮਾਂ ਲਈ ਲੰਬਾ ਇੰਤਜ਼ਾਰ ਕਰਨਾ ਪਿਆ। ਅਧਿਆਪਕਾਂ ਨੇ ਵੀ ਪਹਿਲਾਂ ਤੋਂ ਛੁੱਟੀ ਦੀ ਵਿਵਸਥਾ ਕਰਕੇ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ।
ਜਨਵਰੀ 2023 ਤੋਂ ਚੱਲ ਰਿਹਾ ਹੈ ਵਿਵਾਦ
ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਵਿਵਾਦ ਜਨਵਰੀ 2023 ਤੋਂ ਚੱਲ ਰਿਹਾ ਹੈ। ਇਹ ਮਾਮਲਾ ਹੁਣ ਕਾਨੂੰਨੀ ਲੜਾਈ ਦਾ ਰੂਪ ਧਾਰ ਚੁੱਕਾ ਹੈ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਵਿਵਾਦ ਦਾ ਅਸਰ ਲਗਭਗ 6 ਤੋਂ 8 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ‘ਤੇ ਪੈ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।