Gurdaspur News: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ, DC ਦਫ਼ਤਰ ਨੂੰ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ।
ਸੁਰੱਖਿਆ ਕਾਰਨਾਂ ਕਰਕੇ DC ਦਫ਼ਤਰ ਕਰਵਾਇਆ ਖਾਲੀ
ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ DC ਦਫ਼ਤਰ ਨੂੰ ਖਾਲੀ ਕਰਵਾ ਦਿੱਤਾ ਗਿਆ। ਪੁਲਿਸ ਨੇ ਪੂਰੇ ਕੰਪਲੈਕਸ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਅਤੇ ਦਫ਼ਤਰ ਦੇ ਪ੍ਰਵੇਸ਼ ਤੇ ਨਿਕਾਸ ਵਾਲੇ ਰਸਤਿਆਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ।ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐਸਐਸਪੀ ਆਦਿਤਿਆ ਵੀ ਮੌਕੇ ’ਤੇ ਪਹੁੰਚ ਗਏ ਹਨ।
ਪੁਲਿਸ ਤੇ ਸੁਰੱਖਿਆ ਟੀਮਾਂ ਵੱਲੋਂ ਜਾਂਚ
ਧਮਕੀ ਭਰੇ ਈਮੇਲ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੱਲੋਂ DC ਦਫ਼ਤਰ ਦੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।ਫਿਲਹਾਲ ਧਮਕੀ ਭਰੇ ਈਮੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਈਮੇਲ ਕਿਸ ਵਿਅਕਤੀ ਵੱਲੋਂ ਅਤੇ ਕਿਸ ਮਕਸਦ ਨਾਲ ਭੇਜਿਆ ਗਿਆ ਸੀ।
ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਵੱਲੋਂ ਅਗਲੀ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਉਮੀਦ ਹੈ।
