ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿੱਚ ਸਿੱਖ ਸੰਗਤ ’ਤੇ ਹੋਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਧਰਨਾ ਦੇ ਰਹੀ ਸੰਗਤ ਨਾਲ ਅਜਿਹਾ ਵਿਵਹਾਰ ਮੰਦਭਾਗਾ ਹੈ।ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਸਰਕਾਰ ਅਤੇ ਸਿੱਖ ਸੰਗਤ ਵਿਚਕਾਰ ਗੱਲਬਾਤ ਚੱਲ ਰਹੀ ਸੀ, ਤਾਂ ਅਚਾਨਕ ਬਲ ਦੀ ਵਰਤੋਂ ਨਹੀਂ ਹੋਣੀ ਚਾਹੀਦੀ ਸੀ। ਉਨ੍ਹਾਂ ਮੁਤਾਬਕ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ।ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰ ਅਤੇ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਸਿੱਖ ਸੰਗਤਾਂ ਅਤੇ ਕੁਝ ਪੁਲਿਸ ਜਵਾਨਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।
ਇਸ ਦੌਰਾਨ ਜਥੇਦਾਰ ਗੜਗੱਜ ਨੇ ਜਗਦੀਸ਼ ਸਿੰਘ ਝੀਂਡਾ ਨਾਲ ਫੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਝੀਂਡਾ ਅਤੇ ਹੋਰ ਜ਼ਖ਼ਮੀ ਸਿੱਖਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਨਾਲ ਹੀ, ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਗੱਲਬਾਤ ਦੌਰਾਨ ਪੁਲਿਸ ਵੱਲੋਂ ਬਲ ਦੀ ਵਰਤੋਂ ਕਿਉਂ ਕੀਤੀ ਗਈ।ਇਸ ਦੇ ਨਾਲ ਹੀ, ਉਨ੍ਹਾਂ ਨੇ ਧਰਨੇ ਵਿੱਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਦਾ ਸ਼ੱਕ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਜਾਂ ਪੁਲਿਸ ਨੂੰ ਉਕਸਾਉਣ ਦੀ ਕਿਸੇ ਵੀ ਕੋਸ਼ਿਸ਼ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਜਥੇਦਾਰ ਗੜਗੱਜ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਨਾਲ ਜੁੜੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਤਾਂ ਮੌਜੂਦਾ ਸਥਿਤੀ ਤੋਂ ਬਚਿਆ ਜਾ ਸਕਦਾ ਸੀ।ਉਨ੍ਹਾਂ ਹਰਿਆਣਾ ਸਰਕਾਰ ਤੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ, ਪੰਜੋਖਰਾ ਸਾਹਿਬ ਵਿਖੇ ਸੰਗਤ ਨੂੰ ਗੱਡੀ ਨਾਲ ਫੱਟੜ ਕਰਨ ਦੇ ਦੋਸ਼ੀਆਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ। ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਸਰਕਾਰ ਨੂੰ ਸੂਝਬੂਝ ਨਾਲ ਕੰਮ ਕਰਨਾ ਚਾਹੀਦਾ ਹੈ।
ਅੰਤ ਵਿੱਚ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਸ਼ਾਂਤਮਈ ਅਤੇ ਜਾਬਤੇ ਵਿੱਚ ਰੱਖਿਆ ਜਾਵੇ। ਨਾਲ ਹੀ, ਧਰਨੇ ਵਿੱਚ ਸ਼ਰਾਰਤੀ ਅਨਸਰਾਂ ਦੀ ਸ਼ਮੂਲੀਅਤ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ।
