Pakistan Visa for Gurpurab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਕਿਸਤਾਨੀ ਅੰਬੈਸਡਰ ਨਾਲ ਵੀਜ਼ਿਆਂ ਸਬੰਧੀ ਸਾਰਥਕ ਗੱਲਬਾਤ ਹੋਈ ਹੈ।
ਐਡਵੋਕੇਟ ਧਾਮੀ ਮੁਤਾਬਕ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ SGPC ਕੋਲ ਲਗਭਗ 7500 ਪਾਸਪੋਰਟ ਪ੍ਰਾਪਤ ਹੋ ਚੁੱਕੇ ਹਨ। ਇਸ ਸਬੰਧੀ SGPC ਦੇ ਵਫ਼ਦ ਨੇ ਪਾਕਿਸਤਾਨੀ ਅੰਬੈਸਡਰ ਨਾਲ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਅੰਬੈਸਡਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀਆਂ ਗਈਆਂ ਸਾਰੀਆਂ ਅਰਜ਼ੀਆਂ ‘ਤੇ ਵੀਜ਼ੇ ਮਨਜ਼ੂਰ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਇਸ ਹਾਂ-ਪੱਖੀ ਹੁੰਗਾਰੇ ਲਈ ਪਾਕਿਸਤਾਨੀ ਅੰਬੈਸਡਰ ਦਾ ਧੰਨਵਾਦ ਕੀਤਾ।
ਦੱਸ ਦੇਈਏ ਕਿ SGPC ਵੱਲੋਂ ਹਰ ਸਾਲ ਚਾਰ ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਂਦੇ ਹਨ। ਇਨ੍ਹਾਂ ਵਿੱਚ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਦੀ ਚੂਨਾ ਮੰਡੀ ਸਮੇਤ ਹੋਰ ਇਤਿਹਾਸਕ ਗੁਰਧਾਮ ਸ਼ਾਮਲ ਹਨ।ਹਾਲਾਂਕਿ, ਪਿਛਲੇ ਸਮੇਂ ਤਾਰੀਖਾਂ ਦੇ ਟਕਰਾਅ ਕਾਰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਹੁਣ ਪ੍ਰਕਾਸ਼ ਗੁਰਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਾਕਿਸਤਾਨ ਜਾਣ ਦੀ ਉਮੀਦ ਹੈ।
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ
ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ।
ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਮਗਰੋਂ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਡੀਆ ਨੂੰ ਸੰਬੋਧਨ
SGPC President Advocate Harjinder Singh Dhami addresses the media in Delhi after meeting with Pakistan High Commissioner
SGPC अध्यक्ष एडवोकेट हरजिंदर सिंह… pic.twitter.com/xBi8TA4wLK— Shiromani Gurdwara Parbandhak Committee (@SGPCAmritsar) August 18, 2026
ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਸਿੱਖ ਦੀ ਦਿਲੀ ਇੱਛਾ ਹੈ ਕਿ ਉਹ ਉਸ ਪਵਿੱਤਰ ਧਰਤੀ ਦੇ ਦਰਸ਼ਨ ਕਰੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਿਤਾਇਆ ਅਤੇ ਕਿਰਤ ਕੀਤੀ। ਉਨ੍ਹਾਂ ਕਿਹਾ ਕਿ SGPC ਪਹਿਲਾਂ ਵੀ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕਰਦੀ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਨਾਲ ਵੀ ਇਸ ਮਾਮਲੇ ‘ਤੇ ਗੱਲਬਾਤ ਕਰੇਗੀ, ਤਾਂ ਜੋ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਸੁਖਾਵਾਂ ਮਾਹੌਲ ਬਣੇ ਅਤੇ ਸਿੱਖ ਸੰਗਤ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਰਾਹ ਪੱਧਰਾ ਹੋ ਸਕੇ।
