Punjab Weather Alert: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਅੱਜ 19 ਅਗਸਤ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖਾਸ ਤੌਰ ’ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਦਾ Yellow Alert ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਤੇਜ਼ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਅਤੇ ਦੋਆਬਾ ਖੇਤਰਾਂ ਵਿੱਚ ਕੁਝ ਥਾਵਾਂ ’ਤੇ ਮੀਂਹ ਦੀ ਤੀਬਰਤਾ ਵੱਧ ਰਹਿ ਸਕਦੀ ਹੈ।
ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਵੀ ਸਥਾਨਕ ਤੌਰ ’ਤੇ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ ’ਚ ਭਾਰੀ ਮੀਂਹ ਨੇ ਮਚਾਈ ਹਲਚਲ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਥੋੜ੍ਹੇ ਸਮੇਂ ਦੌਰਾਨ ਤੇਜ਼ ਮੀਂਹ ਪਿਆ। ਸ਼ਹਿਰ ਵਿੱਚ ਸਿਰਫ਼ ਦੋ ਘੰਟਿਆਂ ਵਿੱਚ 72.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਇਸ ਮਾਨਸੂਨ ਸੀਜ਼ਨ ਦੌਰਾਨ ਚੰਡੀਗੜ੍ਹ ਵਿੱਚ ਦੋ ਘੰਟਿਆਂ ਵਿੱਚ ਦਰਜ ਕੀਤੀ ਗਈ ਸਭ ਤੋਂ ਵੱਧ ਬਾਰਿਸ਼ ਦੱਸੀ ਗਈ ਹੈ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ।ਬੁੱਧਵਾਰ ਸਵੇਰੇ ਵੀ ਚੰਡੀਗੜ੍ਹ ਵਿੱਚ ਮੀਂਹ ਦੀ ਇੱਕ ਹੋਰ ਸਪੈਲ ਦੇਖਣ ਨੂੰ ਮਿਲੀ, ਜਿਸ ਕਾਰਨ ਕਈ ਥਾਵਾਂ ’ਤੇ ਪਾਣੀ ਭਰਨ ਅਤੇ ਆਵਾਜਾਈ ਨਾਲ ਜੁੜੀਆਂ ਮੁਸ਼ਕਲਾਂ ਸਾਹਮਣੇ ਆਈਆਂ।
ਮੀਂਹ ਦੇ ਬਾਵਜੂਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਮੰਗਲਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
20 ਅਗਸਤ ਤੋਂ ਬਾਅਦ ਕੀ ਰਹੇਗਾ ਮੌਸਮ?
20 ਅਗਸਤ ਤੋਂ ਬਾਅਦ ਪੰਜਾਬ ਲਈ ਕਿਸੇ ਵੱਡੇ ਪੱਧਰ ਦੀ ਖਾਸ ਬਾਰਿਸ਼ ਚੇਤਾਵਨੀ ਦੀ ਉਮੀਦ ਨਹੀਂ ਹੈ। ਹਾਲਾਂਕਿ, ਇਸਦਾ ਮਤਲਬ ਇਹ ਨਹੀਂ ਕਿ ਮੀਂਹ ਪੂਰੀ ਤਰ੍ਹਾਂ ਰੁਕ ਜਾਵੇਗਾ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਨਕ ਪੱਧਰ ’ਤੇ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।ਫਿਲਹਾਲ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਗਰਜ-ਤੂਫ਼ਾਨ ਜਾਂ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚੋ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖੋ।
