ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ “ਪੰਜਾਬ ਪੰਜਾਬੀਆਂ ਦਾ ਹੈ” ਅਤੇ ਸੂਬੇ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦਾ ਸਿਲਸਿਲਾ ਹੁਣ ਹਮੇਸ਼ਾ ਲਈ ਖ਼ਤਮ ਹੋਣਾ ਚਾਹੀਦਾ ਹੈ। ਉਹ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੇਂ ਸ਼ਹੀਦੀ ਦਿਹਾੜੇ ਮੌਕੇ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੀ ਖ਼ੁਦਮੁਖ਼ਤਿਆਰੀ ਨਾਲ ਜੁੜੇ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨਾ, ਗੈਂਗਸਟਰ ਰਾਜ ਨੂੰ ਖ਼ਤਮ ਕਰਨਾ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਅਗਲੀ ਅਕਾਲੀ ਸਰਕਾਰ ਦੀਆਂ ਮੁੱਖ ਤਰਜੀਹਾਂ ਹੋਣਗੀਆਂ।
ਸੁਖਬੀਰ ਬਾਦਲ ’ਤੇ ਹਮਲਿਆਂ ਨੂੰ ਲੈ ਕੇ ਤਿੱਖਾ ਬਿਆਨ
ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਘਰ ਵਿੱਚ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਇੱਕ ਪਤਨੀ ਅਤੇ ਮਾਂ ਹੋਣ ਦੇ ਨਾਤੇ ਉਹ ਇੱਕ ਪਲ ਲਈ ਡਰੀਆਂ ਸਨ, ਪਰ ਹੁਣ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਹੈ।ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣ ਪਿੱਛੇ ਅਜਿਹੀਆਂ ਤਾਕਤਾਂ ਹਨ ਜੋ ਪੰਜਾਬ ਨੂੰ ਵੰਡ ਕੇ ਰਾਜ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦਾ ਮੁਦੱਈ ਰਿਹਾ ਹੈ।
Unfortunately, one incident of Beadbi happened during our tenure and we are very sorry for it. We have vowed that until we punish the perpetrators, we will not rest. But what about the Aam Aadmi Party and the Congress that politicised this sensitive issue. What about the 600+… pic.twitter.com/VcqcDkKfD5
— Harsimrat Kaur Badal (@HarsimratBadal_) August 20, 2026
ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ
ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਵੀ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ 600 ਤੋਂ ਵੱਧ ਬੇਅਦਬੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਨੇ 2015 ਦੇ ਬੇਅਦਬੀ ਮਾਮਲਿਆਂ ਵਿੱਚ ਜਲਦ ਨਿਆਂ ਦੇਣ ਦੇ ਵਾਅਦੇ ਕੀਤੇ ਸਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਦੇ ਵੀ ਦੋਸ਼ ਲਗਾਏ।
ਅਕਾਲੀ ਆਗੂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਲਈ ਪੂਰੇ ਅਧਿਕਾਰ ਹਨ, ਪਰ ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋਈ।ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਵੰਡਣ ਵਾਲੀਆਂ ਅਤੇ ਲੁੱਟਣ ਵਾਲੀਆਂ ਤਾਕਤਾਂ ਤੋਂ ਛੁਟਕਾਰਾ ਦਿਵਾਉਣ ਲਈ ਇਕਜੁੱਟ ਹੋਣ।
ਪੰਜਾਬ ਦੇ ਕਰਜ਼ੇ ਅਤੇ ਨੌਜਵਾਨਾਂ ਦੇ ਭਵਿੱਖ ਦਾ ਮੁੱਦਾ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧ ਰਿਹਾ ਹੈ। ਉਨ੍ਹਾਂ ਪੇਪਰ ਲੀਕ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ।ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਦੇ ਪਰਿਵਾਰ ’ਤੇ ਇੱਕ ਜਬਰ-ਜਨਾਹ ਮਾਮਲੇ ਵਿੱਚ ਵਿਅਕਤੀ ਨੂੰ ਬਰੀ ਕਰਵਾਉਣ ਲਈ *5 ਕਰੋੜ ਰੁਪਏ ਮੰਗਣ ਦੇ ਲੱਗੇ ਦੋਸ਼ਾਂ* ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।
ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਦੀ ਅਪੀਲ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ 23 ਅਗਸਤ ਤੋਂ ਸ਼ੁਰੂ ਹੋ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ।
ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੀ ਸਰਕਾਰ ’ਤੇ ਪਾਰਟੀ ਦੇ ਸਮਾਗਮ ਨਾਲ ਸਬੰਧਤ ਪ੍ਰਬੰਧਾਂ ਵਿੱਚ ਵਿਤਕਰੇ ਦੇ ਦੋਸ਼ ਲਗਾਏ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਪਹਿਲਾਂ ਬੁਕਿੰਗ ਅਤੇ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਅਨਾਜ ਮੰਡੀ ਦਾ ਸ਼ੈਡ ਕਿਸੇ ਹੋਰ ਧਿਰ ਨੂੰ ਅਲਾਟ ਕੀਤਾ ਗਿਆ।
