Punjab Bandh : ਪੰਜਾਬ ਬੰਦ ਨੂੰ ਲੈ ਕੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਜ਼ਾਰ, ਦੁਕਾਨਾਂ ਅਤੇ ਕਈ ਥਾਵਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ।
ਹੁਸ਼ਿਆਰਪੁਰ ’ਚ ਕੱਢਿਆ ਗਿਆ ਮਾਰਚ
ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਬਾਜ਼ਾਰਾਂ ਵਿੱਚ ਮਾਰਚ ਕੱਢਿਆ ਗਿਆ। ਆਗੂਆਂ ਨੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਜਿੱਥੇ ਕੁਝ ਦੁਕਾਨਾਂ ਖੁੱਲ੍ਹੀਆਂ ਸਨ, ਉੱਥੇ ਵੀ ਦੁਕਾਨਦਾਰਾਂ ਨੂੰ ਬੇਨਤੀ ਕਰਕੇ ਬੰਦ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ।ਸਿੱਖ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੰਬੇ ਸਮੇਂ ਤੋਂ ਸਰਕਾਰਾਂ ਕੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਐਮਰਜੈਂਸੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਹੋਣ ਦੇਣ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ
ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਾਲ ਸਥਿਤ ਗੁਰਦੁਆਰਾ ਲੰਗਰ ਬੁੰਗਾ ਮਸਤੂਆਣਾ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਸ ਮੌਕੇ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਕਾਕਾ ਸਿੰਘ ਜੀ ਨੇ ਅਰਦਾਸ ਕੀਤੀ। ਵਿਦਿਆਰਥੀਆਂ ਅਤੇ ਸੰਗਤਾਂ ਨੇ ਵੀ ਹਾਜ਼ਰੀ ਭਰੀ। ਬਾਬਾ ਕਾਕਾ ਸਿੰਘ ਨੇ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਲੰਬੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਬੰਦੀ ਸਿੰਘਾਂ ਦੇ ਜਲਦ ਆਪਣੇ ਘਰ ਪਰਤਣ ਲਈ ਅਰਦਾਸ ਕੀਤੀ।

ਪੰਜਾਬ ਬੰਦ ਦਾ ਅਸਰ ਬਰਨਾਲਾ ਵਿੱਚ ਵੀ ਸਾਫ਼ ਨਜ਼ਰ ਆ ਰਿਹਾ ਹੈ। ਸ਼ਹਿਰ ਵਿੱਚ ਵਸਨੀਕਾਂ ਅਤੇ ਦੁਕਾਨਦਾਰਾਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬਰਨਾਲਾ ਦੇ ਸਾਰੇ ਪ੍ਰਾਈਵੇਟ ਸਕੂਲ ਵੀ ਬੰਦ ਰੱਖੇ ਗਏ ਹਨ।
ਮੋਗਾ ’ਚ ਵੀ ਬੰਦ ਦਾ ਵੱਡਾ ਅਸਰ, ਪੁਲਿਸ ਤਾਇਨਾਤ
ਮੋਗਾ ਵਿੱਚ ਵੀ ਪੰਜਾਬ ਬੰਦ ਨੂੰ ਪੂਰਨ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ। ਸਵੇਰ ਦੇ ਸਮੇਂ ਤੱਕ ਸ਼ਹਿਰ ਵਿੱਚ ਕੋਈ ਦੁਕਾਨ ਖੁੱਲ੍ਹੀ ਨਜ਼ਰ ਨਹੀਂ ਆਈ। ਇਸ ਦੇ ਨਾਲ ਹੀ ਵੱਖ-ਵੱਖ ਚੌਕਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਪੰਜਾਬ ਬੰਦ ਦੀਆਂ 4 ਮੁੱਖ ਮੰਗਾਂ ਕੀ ਹਨ?
ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਪਿੱਛੇ ਮੁੱਖ ਤੌਰ ’ਤੇ ਇਹ ਮੰਗਾਂ ਦੱਸੀਆਂ ਜਾ ਰਹੀਆਂ ਹਨ—
- ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ।
- ਜਗਤਾਰ ਸਿੰਘ ਹਵਾਰਾ ਨੂੰ ਮਨੁੱਖੀ ਅਤੇ ਕਾਨੂੰਨੀ ਆਧਾਰ ’ਤੇ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ।
- 15 ਅਗਸਤ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਹੋਈ ਪੁਲਿਸ ਕਾਰਵਾਈ ਵਿਰੁੱਧ ਵਿਰੋਧ।
- ਇਸ ਕਾਰਵਾਈ ਦੌਰਾਨ ਨਜ਼ਰਬੰਦ ਕੀਤੇ ਗਏ ਲੋਕਾਂ ਦੀ ਬਿਨਾਂ ਸ਼ਰਤ ਰਿਹਾਈ।
ਪੰਜਾਬ ਬੰਦ ਨੂੰ ਕਿਸ-ਕਿਸ ਦਾ ਸਮਰਥਨ?
ਇਸ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖਾਲਸਾ ਅਤੇ ਹਵਾਰਾ ਕਮੇਟੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ। ਇਸ ਤੋਂ ਇਲਾਵਾ ਕੁਝ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਵੱਲੋਂ ਵੀ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ।
ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਵੀ ਪਟਿਆਲਾ ਪਹੁੰਚੇ। ਉੱਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਬੈਠ ਕੇ ਪੰਜਾਬ ਬੰਦ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ ’ਚ ਵੀ ਬੰਦ ਦਾ ਅਸਰ
ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ। ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਵਪਾਰ ਮੰਡਲ ਕਿਸਾਨ ਜਥੇਬੰਦੀਆਂ ਦੇ ਬੰਦ ਦਾ ਸਮਰਥਨ ਕਰਦਾ ਹੈ ਅਤੇ ਸਰਕਾਰਾਂ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਹੱਲ ਕੱਢਣਾ ਚਾਹੀਦਾ ਹੈ।
ਜਲੰਧਰ ’ਚ ਸਕੂਲਾਂ ਅਤੇ ਆਵਾਜਾਈ ਦੀ ਸਥਿਤੀ
ਜਲੰਧਰ ਵਿੱਚ ਵੀ ਪੰਜਾਬ ਬੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਭੋਗਪੁਰ ਵਿੱਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਅਤੇ ਮਾਰਕੀਟ ਬੰਦ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਵੇਰ ਦੀ ਸਥਿਤੀ ਮੁਤਾਬਕ ਐਮਰਜੈਂਸੀ ਸੇਵਾਵਾਂ ਨੂੰ ਚੱਲਣ ਦਿੱਤਾ ਜਾ ਰਿਹਾ ਹੈ ਅਤੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਕਰਨ ਦੀ ਗੱਲ ਕਹੀ ਗਈ ਹੈ।
ਮੋਰਚੇ ਅਤੇ ਸਮਰਥਕ ਜਥੇਬੰਦੀਆਂ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਕਾਰਨ ਕਈ ਥਾਵਾਂ ’ਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਲ-ਪਲ ਬਦਲ ਰਹੀ ਪੰਜਾਬ ਬੰਦ ਦੀ ਤਸਵੀਰ
ਫਿਲਹਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੰਦ ਨੂੰ ਲੈ ਕੇ ਤਸਵੀਰ ਸਾਹਮਣੇ ਆ ਰਹੀ ਹੈ। ਕਈ ਸ਼ਹਿਰਾਂ ਵਿੱਚ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ, ਜਦਕਿ ਕੁਝ ਥਾਵਾਂ ’ਤੇ ਹਾਈਵੇਅ ਅਤੇ ਮੁੱਖ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤਾਇਨਾਤ ਕੀਤੀ ਗਈ ਹੈ।ਪੰਜਾਬ ਬੰਦ ਦੌਰਾਨ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਰੂਟ ਅਤੇ ਆਵਾਜਾਈ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ।



