Bikram Majithia Defamation Notice : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ, ਬੇਬੁਨਿਆਦ ਅਤੇ ਮਾਣਹਾਨੀਕਾਰੀ ਦੱਸਿਆ ਗਿਆ ਹੈ।
ਨੋਟਿਸ ਮੁਤਾਬਕ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼ ਅਤੇ ਹੋਰ ਸਮੱਗਰੀ ਨੂੰ 24 ਘੰਟਿਆਂ ਦੇ ਅੰਦਰ ਹਟਾਇਆ ਜਾਵੇ।ਇਸ ਤੋਂ ਇਲਾਵਾ ਮਜੀਠੀਆ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਦੀ ਮੰਗ ਵੀ ਕੀਤੀ ਗਈ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਹ ਲਿਖਤੀ ਗਰੰਟੀ ਦੇਣ ਕਿ ਭਵਿੱਖ ਵਿੱਚ ਅਜਿਹੇ ਦੋਸ਼ ਜਾਂ ਬਿਆਨ ਨਹੀਂ ਦਿੱਤੇ ਜਾਣਗੇ।
OSD ਰਾਜਬੀਰ ਘੁੰਮਣ ਨੇ ਦਿੱਤੀ ਖੁੱਲ੍ਹੀ ਚੁਣੌਤੀ
ਰਾਜਬੀਰ ਸਿੰਘ ਘੁੰਮਣ ਨੇ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਕੋਲ ਵਟਸਐਪ ਚੈਟ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕੋਈ ਠੋਸ ਸਬੂਤ ਹੈ ਤਾਂ ਉਹ ਉਸਨੂੰ ਜਨਤਕ ਕਰਨ।ਘੁੰਮਣ ਦਾ ਕਹਿਣਾ ਹੈ ਕਿ ਬਿਨਾਂ ਸਬੂਤਾਂ ਦੇ ਅਜਿਹੇ ਦੋਸ਼ ਲਗਾਉਣ ਨਾਲ ਉਨ੍ਹਾਂ ਦੀ ਸਾਖ ਅਤੇ ਮਾਣ-ਸਨਮਾਨ ਨੂੰ ਨੁਕਸਾਨ ਪਹੁੰਚਿਆ ਹੈ।
ਮੁਆਫੀ ਨਾ ਮੰਗੀ ਤਾਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਨੋਟਿਸ ਵਿੱਚ ਸਪੱਸ਼ਟ ਤੌਰ ’ਤੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਨਿਰਧਾਰਤ ਸਮੇਂ ਅੰਦਰ ਕਥਿਤ ਇਤਰਾਜ਼ਯੋਗ ਸਮੱਗਰੀ ਨਹੀਂ ਹਟਾਉਂਦੇ ਅਤੇ ਜਨਤਕ ਤੌਰ ’ਤੇ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਾਜਬੀਰ ਘੁੰਮਣ ਨੇ ਇਹ ਵੀ ਕਿਹਾ ਹੈ ਕਿ ਜੇਕਰ ਮਜੀਠੀਆ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫੀ ਮੰਗਣੀ ਪਵੇਗੀ। ਨਹੀਂ ਤਾਂ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਦੀ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਕਾਨੂੰਨੀ ਨੋਟਿਸ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਹ ਦੇਖਣਾ ਮਹੱਤਵਪੂਰਨ ਹੋਵੇਗਾ। ਪੰਜਾਬ ਦੀ ਸਿਆਸਤ ਵਿੱਚ ਪਹਿਲਾਂ ਹੀ ਤਿੱਖੀ ਬਿਆਨਬਾਜ਼ੀ ਦਰਮਿਆਨ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਹੋਰ ਭਖ ਸਕਦਾ ਹੈ।
