Miri Piri Khalsa March 23 August: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ। ਮਾਰਚ ਨੂੰ ਖਾਲਸਾਈ ਜਾਹੋ-ਜਲਾਲ ਨਾਲ ਸਵੇਰੇ ਕਰੀਬ 8 ਵਜੇ ਰਵਾਨਾ ਕੀਤਾ ਜਾਵੇਗਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗੀ ਸ਼ੁਰੂਆਤ
ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 23 ਅਗਸਤ ਨੂੰ ਸਵੇਰੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਮੌਜੂਦਗੀ ਵਿੱਚ ਮਾਰਚ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਮੌਕੇ ਸਿੱਖ ਕੌਮ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ, ਸਿੱਖ ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਕੌਣ-ਕੌਣ ਹੋਵੇਗਾ ਮੌਜੂਦ?
ਮਾਰਚ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਵੀ ਮਾਰਚ ਵਿੱਚ ਸ਼ਮੂਲੀਅਤ ਕਰਨਗੇ।
ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸੰਗਤ ਨੂੰ ਸੱਦਾ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਇਸ ਪਾਵਨ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਪ੍ਰਤੀ ਵਚਨਬੱਧਤਾ, ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਿੱਖ ਕੌਮ ਵਿੱਚ ਪੰਥਕ ਚੇਤਨਾ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ।
ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਉੱਚੇ-ਸੁੱਚੇ ਅਖਲਾਕ ਅਤੇ ਗੁਰਮਤਿ ਵਿਰਸੇ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਾਹੇ ਤੋਂ ਬਚਾ ਕੇ ਅੰਮ੍ਰਿਤ ਵੇਲੇ, ਬਾਣੀ ਅਤੇ ਬਾਣੇ ਨਾਲ ਜੋੜਨ ਲਈ ਪੰਥਕ ਪੱਧਰ ’ਤੇ ਲਗਾਤਾਰ ਯਤਨ ਕਰਨ ਦੀ ਲੋੜ ਹੈ।
‘ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ ਮਾਰਚ’
ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤਾਂ, ਪੰਥਕ ਸ਼ਖ਼ਸੀਅਤਾਂ, ਸਭਾ-ਸੁਸਾਇਟੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ ਅਤੇ ਇਹ ਸੰਗਤਾਂ ਵਿੱਚ ਨਵੀਂ ਰੂਹਾਨੀ ਚੇਤਨਾ ਅਤੇ ਉਤਸ਼ਾਹ ਪੈਦਾ ਕਰਨ ਦਾ ਸੁਨੇਹਾ ਦੇਵੇਗਾ।ਇਸ ਤਰ੍ਹਾਂ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮੀਰੀ ਪੀਰੀ ਖਾਲਸਾ ਮਾਰਚ ਸਿੱਖ ਸੰਗਤਾਂ ਲਈ ਮਹੱਤਵਪੂਰਨ ਪੰਥਕ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ।
