ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਨਿੱਜੀ ਤੌਰ ‘ਤੇ ਜਾ ਕੇ ਸ਼ੋਕ ਪ੍ਰਗਟ ਕਰਨ ਦੀ ਘਟਨਾ ਨੂੰ ਬੇਹੱਦ ਦੁੱਖਦਾਈ ਅਤੇ ਮੰਦਭਾਗੀ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਨਿੱਜੀ ਦੌਰੇ ਨਾਲ ਭਾਜਪਾ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪੰਜਾਬ ਭਾਜਪਾ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਜਿਹੇ ਦੋਸ਼ੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਪ੍ਰਗਟ ਕਰਨਾ ਉਨ੍ਹਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਹੋਰ ਗਹਿਰਾ ਕਰਨ ਦੇ ਬਰਾਬਰ ਹੈ, ਜਿਨ੍ਹਾਂ ਨੇ ਉਸ ਦੌਰਾਨ ਆਪਣੇ ਪਿਆਰੇ ਗੁਆਏ ਸਨ।
ਤਿੰਨ ਸੰਸਦ ਮੈਂਬਰਾਂ ਨੂੰ ਲਗਾਈ ਗਈ ਫਟਕਾਰ
ਪੰਜਾਬ ਭਾਜਪਾ ਪ੍ਰਧਾਨ ਨੇ ਦੱਸਿਆ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਮੁਤਾਬਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਤੁਰੰਤ ਨਾਰਾਜ਼ਗੀ ਜ਼ਾਹਰ ਕਰਦਿਆਂ ਤਿੰਨਾਂ ਸੰਸਦ ਮੈਂਬਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ 1984 ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਪ੍ਰਤੀ ਗੰਭੀਰ ਅਤੇ ਸੰਵੇਦਨਸ਼ੀਲ ਹੈ।
ਕਾਂਗਰਸ ‘ਤੇ ਵੀ ਕੀਤਾ ਤਿੱਖਾ ਹਮਲਾ
ਉਨ੍ਹਾਂ ਨੇ ਕਾਂਗਰਸ ਪਾਰਟੀ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤੱਕ 1984 ਦੇ ਦੋਸ਼ੀਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਦੀ ਰਾਜਨੀਤੀ ਕੀਤੀ। ਇਸਦੇ ਉਲਟ, ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੌਰਾਨ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਕਈ ਦਹਾਕਿਆਂ ਬਾਅਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਰਾਹ ਖੁੱਲ੍ਹਿਆ ਅਤੇ ਇਨਸਾਫ਼ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਗਿਆ।
ਪੀੜਤ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ ਭਾਜਪਾ
ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਭਾਜਪਾ ਪੰਜਾਬ ਹਮੇਸ਼ਾ 1984 ਦੇ ਪੀੜਤ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।ਉਨ੍ਹਾਂ ਕਿਹਾ ਕਿ ਪਾਰਟੀ ਦੀ ਹਮਦਰਦੀ ਅਤੇ ਸੰਵੇਦਨਾ ਸਿਰਫ਼ ਉਨ੍ਹਾਂ ਪੀੜਤਾਂ ਅਤੇ ਪਰਿਵਾਰਾਂ ਨਾਲ ਹੈ ਜੋ ਅੱਜ ਵੀ 1984 ਦੀ ਤ੍ਰਾਸਦੀ ਦਾ ਸੰਤਾਪ ਭੋਗ ਰਹੇ ਹਨ। ਦੋਸ਼ੀਆਂ ਲਈ ਭਾਜਪਾ ਦੀ ਨੀਤੀ ਵਿੱਚ ਕੋਈ ਥਾਂ ਨਹੀਂ ਹੈ।
