New York Protest : ਨਿਊਯਾਰਕ ਸ਼ਹਿਰ ਦੇ ਮੈਡਿਸਨ ਸਕਵੇਅਰ ਗਾਰਡਨ ਵਿੱਚ ਰਾਸ਼ਟਰੀ ਸਵੈਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਦੇ ਇੱਕ ਪ੍ਰੋਗਰਾਮ ਦੌਰਾਨ ਤਿਰੰਗੇ ਦੇ ਕਥਿਤ ਅਪਮਾਨ ਦੀ ਘਟਨਾ ਨੂੰ ਲੈ ਕੇ ਸਿੱਖ ਆਗੂ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਨਾ ਸਿਰਫ਼ ਦੇਸ਼ ਦੀ ਸ਼ਾਨ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਅਕਸ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੀਆਂ ਹਨ।
ਦੱਸਣਯੋਗ ਹੈ ਕਿ ਨਿਊਯਾਰਕ ਦੇ ਮੈਡਿਸਨ ਸਕਵੇਅਰ ਗਾਰਡਨ ਵਿੱਚ RSS ਮੁਖੀ ਮੋਹਨ ਭਾਗਵਤ ਦੇ ਇੱਕ ਪ੍ਰੋਗਰਾਮ ਦੌਰਾਨ ਕੁਝ ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਵੱਲੋਂ ਬਾਹਰ ਨਾਅਰੇਬਾਜ਼ੀ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਇਸ ਦੌਰਾਨ ਭਾਰਤ ਦੇ ਰਾਸ਼ਟਰੀ ਝੰਡੇ ਤਿਰੰਗੇ ਦੇ ਕਥਿਤ ਅਪਮਾਨ ਅਤੇ ਉਸ ਨੂੰ ਫਾੜੇ ਜਾਣ ਦੇ ਦੋਸ਼ ਵੀ ਲੱਗੇ ਹਨ।
‘RSS ਦੁਨੀਆ ਦੀਆਂ ਸਭ ਤੋਂ ਵੱਡੀਆਂ ਸੰਸਥਾਵਾਂ ਵਿੱਚੋਂ ਇੱਕ’
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ RSS ਇੱਕ ਵੱਡਾ ਸੰਗਠਨ ਹੈ, ਜਿਸ ਨੇ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵਿੱਚ ਆਪਸੀ ਪਿਆਰ ਅਤੇ ਇਤਫ਼ਾਕ ਨੂੰ ਵਧਾਉਣ ਲਈ ਵੀ ਵੱਖ-ਵੱਖ ਪੱਧਰਾਂ ‘ਤੇ ਉਪਰਾਲੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੁਝ ਕੱਟੜਪੰਥੀ ਤੱਤ ਹਮੇਸ਼ਾ ਵਿਵਾਦ ਅਤੇ ਨਫ਼ਰਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਤਿਰੰਗੇ ਦਾ ਕਥਿਤ ਅਪਮਾਨ ਇੱਕ ਘਿਨਾਉਣੀ ਹਰਕਤ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਾਰਨ ਦੁਨੀਆ ਭਰ ਵਿੱਚ ਸਿੱਖਾਂ ਦੇ ਨਾਮ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ, “ਅਸੀਂ ਉਨ੍ਹਾਂ ਲੋਕਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ, ਜਿਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਨੇ ਸਾਨੂੰ ਸ਼ਰਮਸਾਰ ਕੀਤਾ ਹੈ।
‘ਸਿੱਖਾਂ ਦਾ ਇਤਿਹਾਸ ਦੇਸ਼ ਲਈ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ’
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ RSS ਮੁਖੀ ਮੋਹਨ ਭਾਗਵਤ ਅਤੇ ਸੰਘ ਦੇ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਦੇਸ਼, ਮਨੁੱਖਤਾ ਅਤੇ ਸਮਾਜ ਦੀ ਰੱਖਿਆ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਵੀ ਦੇਸ਼ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿਣਗੇ।
‘ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਮੇਸ਼ਾ ਖੜ੍ਹੇ ਹਾਂ’
ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਭਾਈਚਾਰਾ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੀਆਂ ਗਤੀਵਿਧੀਆਂ ਦੇ ਆਧਾਰ ‘ਤੇ ਪੂਰੀ ਕੌਮ ਨੂੰ ਬਦਨਾਮ ਕਰਨਾ ਠੀਕ ਨਹੀਂ ਹੈ।
ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਦੇਸ਼ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਮਾਨ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹੇਗੀ।
