ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਵੀਰਵਾਰ ਨੂੰ ਬੇਅਦਬੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ‘ਤੇ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਦੋਸ਼ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਉਪਰੰਤ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮ ਦੀ ਪਛਾਣ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਮਨਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਨੇ ਕਥਿਤ ਤੌਰ ‘ਤੇ ਗੁਟਕਾ ਸਾਹਿਬ ਦੇ ਅਰਦਾਸ ਨਾਲ ਸਬੰਧਤ ਅੰਗ ਪਾੜ ਦਿੱਤੇ।
ਪੁਲਿਸ ਨੇ ਕੀਤੀ ਤੁਰੰਤ ਕਾਰਵਾਈ
ਘਟਨਾ ਸਾਹਮਣੇ ਆਉਣ ਮਗਰੋਂ SGPC ਵੱਲੋਂ ਥਾਣਾ ਕੋਤਵਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਅਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ।ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪੁਲਿਸ ਨੇ ਸ਼ੱਕੀ ਨੌਜਵਾਨ ਦੀ ਪਛਾਣ ਕੀਤੀ ਅਤੇ ਉਸ ਨੂੰ ਟਰੇਸ ਕਰਕੇ ਕਾਬੂ ਕਰ ਲਿਆ।
ਚੁੰਨੀ ਦੇ ਪੱਲੂ ਨਾਲ ਬੰਨ੍ਹੇ ਗਏ ਪਾੜੇ ਹੋਏ ਅੰਗ
ਪੁਲਿਸ ਮੁਤਾਬਕ, ਪਾੜੇ ਗਏ ਅੰਗਾਂ ਨੂੰ ਇੱਕ ਔਰਤ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਔਰਤ ਵੀ ਸ਼ਹੀਦ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਹੈ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ ਹੋਈ ਸੀ।
ਮੁਲਜ਼ਮ ਤੋਂ ਪੁੱਛਗਿੱਛ ਜਾਰੀ
ਏਸੀਪੀ ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਕਥਿਤ ਕਾਰਾ ਕਿਹੜੀਆਂ ਹਾਲਾਤਾਂ ਅਤੇ ਕਿਸ ਮਕਸਦ ਨਾਲ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਖ਼ਿਲਾਫ਼ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਘਟਨਾ ਨੂੰ ਲੈ ਕੇ ਸੰਗਤ ਵਿੱਚ ਵੀ ਗਹਿਰੀ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ।
