Punjab Weather News: ਪੰਜਾਬ ਵਿੱਚ ਮੌਨਸੂਨ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 12 ਤੋਂ 16 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਬਾਰਿਸ਼ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਵਿੱਚ ਕੁਝ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
13 ਅਤੇ 14 ਸਤੰਬਰ ਨੂੰ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 13 ਅਤੇ 14 ਸਤੰਬਰ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ।ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ ਲੁਧਿਆਣਾ, ਪਟਿਆਲਾ ਅਤੇ ਜਲੰਧਰ ਸਮੇਤ ਕੇਂਦਰੀ ਪੰਜਾਬ ਅਤੇ ਮਾਲਵੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।ਦੂਜੇ ਪਾਸੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
15 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ
15 ਸਤੰਬਰ ਨੂੰ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ ਕਈ ਇਲਾਕਿਆਂ ਵਿੱਚ ਅਸਮਾਨ ਬੱਦਲਾਂ ਨਾਲ ਘਿਰਿਆ ਰਹਿ ਸਕਦਾ ਹੈ। ਮੀਂਹ ਕਾਰਨ ਮੌਸਮ ਵਿੱਚ ਨਮੀ ਵਧਣ ਅਤੇ ਤਾਪਮਾਨ ਵਿੱਚ ਕੁਝ ਬਦਲਾਅ ਆਉਣ ਦੀ ਉਮੀਦ ਹੈ।
16 ਸਤੰਬਰ ਨੂੰ ਤੇਜ਼ ਹੋ ਸਕਦੀਆਂ ਹਨ ਮੀਂਹ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 16 ਸਤੰਬਰ ਨੂੰ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋ ਸਕਦੀਆਂ ਹਨ। ਮਾਝਾ, ਦੋਆਬਾ ਅਤੇ ਪੂਰਬੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Yellow Alert
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ Yellow Alert ਜਾਰੀ ਕੀਤਾ ਗਿਆ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।ਮੀਂਹ ਦੌਰਾਨ ਲੋਕਾਂ ਨੂੰ ਸਥਾਨਕ ਮੌਸਮ ਅਪਡੇਟਾਂ ’ਤੇ ਨਜ਼ਰ ਰੱਖਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
