Amritsar ASI Murder: ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ਵਿੱਚ ਦੇਰ ਰਾਤ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਹਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਥਾਣਾ ਗੇਟ ਹਕੀਮਾ ਅਧੀਨ ਡਿਊਟੀ ’ਤੇ ਤਾਇਨਾਤ ਸਨ। ਪੁਲਿਸ ਮੁਤਾਬਕ ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਅਤੇ ਉਨ੍ਹਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ ਰਾਤ ਕਰੀਬ 2:30 ਵਜੇ ਮੋਟਰਸਾਈਕਲ ’ਤੇ ਗਸ਼ਤ ਡਿਊਟੀ ਕਰ ਰਹੇ ਸਨ। ਇਸ ਦੌਰਾਨ ਭਗਤਾਂਵਾਲਾ ਦਾਣਾ ਮੰਡੀ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਕਈ ਗੋਲੀਆਂ ਲੱਗੀਆਂ। ਗੰਭੀਰ ਰੂਪ ਵਿੱਚ ਜ਼ਖਮੀ ਹੋਣ ਤੋਂ ਬਾਅਦ ਹਰਜੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਤੱਕ ਪਹੁੰਚਣ ਲਈ ਜਾਂਚ ਜਾਰੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾ ਕਿਸ ਮਕਸਦ ਨਾਲ ਕੀਤਾ ਗਿਆ ਅਤੇ ਵਾਰਦਾਤ ਤੋਂ ਪਹਿਲਾਂ ਤੇ ਬਾਅਦ ਹਮਲਾਵਰ ਕਿਸ ਰਸਤੇ ਫਰਾਰ ਹੋਏ।
CM ਭਗਵੰਤ ਮਾਨ ਨੇ ਜਤਾਇਆ ਦੁੱਖ
ASI ਹਰਜੀਤ ਸਿੰਘ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਪਰਿਵਾਰ ਲਈ ₹1 ਕਰੋੜ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ HDFC ਬੈਂਕ ਵੱਲੋਂ ਪਰਿਵਾਰ ਨੂੰ ₹1 ਕਰੋੜ ਦੀ ਬੀਮਾ ਰਾਸ਼ੀ ਮਿਲਣ ਦੀ ਜਾਣਕਾਰੀ ਦਿੱਤੀ ਗਈ ਹੈ। CM ਮਾਨ ਨੇ ਹਰਜੀਤ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਅਤੇ ਬਹਾਦਰੀ ਨੂੰ ਯਾਦ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ… ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ…
ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ…… pic.twitter.com/C7PffbK1dS— Bhagwant Mann (@BhagwantMann) September 18, 2026
ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ
ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (TTH) ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਸਾਹਮਣੇ ਆਇਆ ਹੈ। ਹਾਲਾਂਕਿ ਇਸ ਦਾਅਵੇ ਦੀ ਅਧਿਕਾਰਤ ਪੁਸ਼ਟੀ ਪੁਲਿਸ ਵੱਲੋਂ ਨਹੀਂ ਕੀਤੀ ਗਈ ਹੈ। ਇਸ ਲਈ ਫਿਲਹਾਲ ਇਸਨੂੰ ਸਿਰਫ਼ ਇੱਕ ਦਾਅਵੇ ਵਜੋਂ ਹੀ ਦੇਖਿਆ ਜਾ ਰਿਹਾ ਹੈ।
ਹਮਲਾਵਰਾਂ ਦੀ ਭਾਲ ਜਾਰੀ
ਪੁਲਿਸ ਵੱਲੋਂ CCTV ਫੁਟੇਜ, ਮੌਕੇ ਤੋਂ ਮਿਲੇ ਸਬੂਤਾਂ ਅਤੇ ਹੋਰ ਜਾਣਕਾਰੀਆਂ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਅਗਲੀ ਜਾਂਚ ਤੋਂ ਬਾਅਦ ਹੀ ਹਮਲੇ ਦੇ ਕਾਰਨ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਬਾਰੇ ਹੋਰ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।ਇਸ ਮਾਮਲੇ ਵਿੱਚ TTH ਵੱਲੋਂ ਕੀਤੇ ਗਏ ਦਾਅਵੇ ਨੂੰ ਅਧਿਕਾਰਤ ਤੌਰ ’ਤੇ ਪੁਸ਼ਟਿਤ ਤੱਥ ਵਜੋਂ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ।
Today, visited #Amritsar, paid respects at the residence of Martyr ASI Harjit Singh and stood with his bereaved family in their hour of grief. Conveyed my deepest condolences and assured them of @PunjabPoliceInd‘s unwavering support. His courage, dedication and supreme sacrifice… pic.twitter.com/JL0g8QlxuR
— DGP Punjab Police (@DGPPunjabPolice) September 18, 2026
DGP ਪੰਜਾਬ ਗੌਰਵ ਯਾਦਵ ਨੇ ASI ਹਰਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਕੀਤਾ ਸਾਂਝਾ। ਇਸ ਮੌਕੇ ਸੀ ਪੀ ਹਰਮਨਬੀਰ ਸਿੰਘ ਗਿੱਲ ਵੀ ਰਹੇ ਨਾਲ ਮੌਜੂਦ ।ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹੋਏ। ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
