ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਨਾਲਾ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ।
ਜੋਧ ਸਿੰਘ ਸਮਰਾ ਨੂੰ ਮਿਲੀ ਟਿਕਟ
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਅਜਨਾਲਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ। ਇਸ ਨਾਲ ਸਮਰਾ ਦੇ ਨਾਮ ’ਤੇ ਪਾਰਟੀ ਵੱਲੋਂ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ। ਜੋਧ ਸਿੰਘ ਸਮਰਾ ਇਸ ਤੋਂ ਪਹਿਲਾਂ ਵੀ ਅਜਨਾਲਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜੇ ਰਹੇ ਹਨ। ਉਹ ਅਜਨਾਲਾ ਤੋਂ ਪਾਰਟੀ ਦੇ ਹਲਕਾ ਇੰਚਾਰਜ ਵਜੋਂ ਵੀ ਸਰਗਰਮ ਰਹੇ ਹਨ।
ਰੈਲੀ ਦੌਰਾਨ ਹੋਰ ਐਲਾਨ
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਰਕਾਰ ਬਣਨ ਦੀ ਸਥਿਤੀ ਵਿੱਚ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕਰਨ ਦੀ ਗੱਲ ਕਹੀ। ਉਨ੍ਹਾਂ 50 ਕਿਲੋ ਅਨਾਜ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੇਣ ਦੀ ਗੱਲ ਵੀ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਨ ਦਾ ਐਲਾਨ ਕੀਤਾ। ਰੈਲੀ ਦੌਰਾਨ ਸੁਖਬੀਰ ਬਾਦਲ ਨੇ ਅਜਨਾਲਾ ਹਲਕੇ ਦੇ ਲੋਕਾਂ ਨੂੰ ਜੋਧ ਸਿੰਘ ਸਮਰਾ ਨਾਲ ਖੜ੍ਹਨ ਦੀ ਅਪੀਲ ਵੀ ਕੀਤੀ।
ਇਸ ਐਲਾਨ ਦੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਚੋਣ ਪ੍ਰਕਿਰਿਆ ਨਾਲ ਜੁੜੀ ਸਰਗਰਮੀ ਹੋਰ ਤੇਜ਼ ਹੋ ਗਈ ਹੈ।
