DA ਮਾਮਲੇ ’ਚ ਕੀ ਹੋਇਆ?
ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਵਿੱਚ ਖਾਮੀਆਂ ਦੂਰ ਕਰਨ ਸਬੰਧੀ ਮੁੱਖ ਸਕੱਤਰ ਵੱਲੋਂ ਪਹਿਲਾਂ ਦਿੱਤੀ ਗਈ ਜਾਣਕਾਰੀ ਬਾਅਦ ਵਿੱਚ ਗਲਤ ਪਾਈ ਗਈ। ਇਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਦੇ ਰਵੱਈਏ ’ਤੇ ਸਵਾਲ ਚੁੱਕੇ।
ਸੁਣਵਾਈ ਦੌਰਾਨ ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਜੇ ਕੌਸ਼ਲ ਨੇ ਕਿਹਾ ਕਿ DA ਮਾਮਲੇ ਵਿੱਚ ਅਪੀਲ ਅਜੇ ਤੱਕ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਸੂਚੀਬੱਧ ਨਹੀਂ ਹੋਈ। ਉਨ੍ਹਾਂ ਨੇ ਸਰਕਾਰ ਦੀ ਕਾਰਵਾਈ ਅਤੇ ਇਸ਼ਤਿਹਾਰਾਂ ’ਤੇ ਹੋ ਰਹੇ ਖ਼ਰਚ ਨੂੰ ਲੈ ਕੇ ਵੀ ਸਵਾਲ ਉਠਾਏ।
ਦੂਜੇ ਪਾਸੇ, ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਬਕਾਇਆ ਰਕਮ ਪਿਛਲੀਆਂ ਸਰਕਾਰਾਂ ਦੇ ਸਮੇਂ ਨਾਲ ਸਬੰਧਤ ਹੈ।
ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਸਰਕਾਰ ਨੇ ਮੁੱਖ ਸਕੱਤਰ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਅਧਿਕਾਰ ਹੈ, ਪਰ ਅਦਾਲਤ ਵਿੱਚ ਗਲਤ ਜਾਣਕਾਰੀ ਦੇਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਹੁਣ ਸਭ ਦੀਆਂ ਨਜ਼ਰਾਂ ਸੋਮਵਾਰ ਦੀ ਸੁਣਵਾਈ ’ਤੇ ਹਨ, ਜਿੱਥੇ DA ਮਾਮਲੇ ਅਤੇ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸਬੰਧੀ ਅਗਲੀ ਸਥਿਤੀ ਸਪੱਸ਼ਟ ਹੋ ਸਕਦੀ ਹੈ।
