ਵਿਜੀਲੈਂਸ ਬਿਊਰੋ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਮੁਲਜ਼ਮ ਨੇ ਪਹਿਲਾਂ 5 ਲੱਖ ਰੁਪਏ ਦੀ ਮੰਗ ਕੀਤੀ ਸੀ, ਪਰ ਬਾਅਦ ਵਿੱਚ ਰਕਮ ਘਟਾ ਕੇ 2.5 ਲੱਖ ਰੁਪਏ ਤੈਅ ਹੋਈ। ਇਸ ਵਿੱਚੋਂ 1 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਲਏ ਜਾ ਰਹੇ ਸਨ, ਜਿਸ ਦੌਰਾਨ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।
ਕੀ ਹੈ ਪੂਰਾ ਮਾਮਲਾ?
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਇਹ ਮਾਮਲਾ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲਆਈਸੀ ਮੈਨੇਜਰ ਦੀ ਸ਼ਿਕਾਇਤ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਢਾਂਗੂ ਸਾਰਾ ਵਿੱਚ ਸਥਿਤ ‘ਮਧੂਬਨ’ ਰੈਸਟੋਰੈਂਟ ਵਿੱਚ ਝਗੜਾ ਹੋਇਆ ਸੀ।
ਇਸ ਘਟਨਾ ਦੌਰਾਨ ਦੋਵਾਂ ਧਿਰਾਂ ਦੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਇਸ ਸਬੰਧੀ ਥਾਣਾ ਧਾਰ ਕਲਾਂ ਵਿੱਚ ਰੈਸਟੋਰੈਂਟ ਦੇ ਕਰਮਚਾਰੀ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਸ਼ੱਕੀ ਵਿਅਕਤੀ ਵਜੋਂ ਸ਼ਾਮਲ ਕੀਤਾ ਗਿਆ ਸੀ।
ਨਾਮ ਕੇਸ ‘ਚੋਂ ਹਟਾਉਣ ਲਈ ਮੰਗੀ ਸੀ ਰਿਸ਼ਵਤ
ਸ਼ਿਕਾਇਤ ਅਨੁਸਾਰ, ਥਾਣਾ ਧਾਰ ਕਲਾਂ ਦੇ ਐਸਐਚਓ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਸ਼ਿਕਾਇਤਕਰਤਾ ਵੱਲੋਂ ਰਕਮ ਦੇਣ ਵਿੱਚ ਅਸਮਰੱਥਾ ਜਤਾਉਣ ਤੋਂ ਬਾਅਦ, ਕਥਿਤ ਤੌਰ ’ਤੇ 2.5 ਲੱਖ ਰੁਪਏ ਕਿਸ਼ਤਾਂ ਵਿੱਚ ਦੇਣ ਦਾ ਫ਼ੈਸਲਾ ਹੋਇਆ। ਇਸ ਵਿੱਚੋਂ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਦਿੱਤੇ ਜਾਣੇ ਸਨ।ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਇਸ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਨਾਲ ਸੰਪਰਕ ਕੀਤਾ।
ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਕੀਤੀ ਕਾਰਵਾਈ
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਪਠਾਨਕੋਟ ਯੂਨਿਟ ਨੇ ਕਾਰਵਾਈ ਕੀਤੀ। ਬੁਲਾਰੇ ਅਨੁਸਾਰ, ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ।ਵਿਜੀਲੈਂਸ ਨੇ ਦਾਅਵਾ ਕੀਤਾ ਹੈ ਕਿ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਲੈ ਕੇ ਮੁੜ ਚਰਚਾ ਸ਼ੁਰੂ ਹੋ ਗਈ ਹੈ।
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ
ਇਸ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਫਿਲਹਾਲ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਲੱਗੇ ਦੋਸ਼ਾਂ ਬਾਰੇ ਅੰਤਿਮ ਫ਼ੈਸਲਾ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਹੋਵੇਗਾ।
