ਸਰਕਾਰ ਨਾਲ ਮੀਟਿੰਗ ਮਗਰੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ
ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਹੋਈ ਅਤੇ ਸਰਕਾਰ ਵੱਲੋਂ ਮੰਗਾਂ ਸਬੰਧੀ ਸਹਿਮਤੀ ਜਤਾਈ ਗਈ।
ਯੂਨੀਅਨ ਆਗੂਆਂ ਮੁਤਾਬਕ, ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਹੁਕਮ ਪ੍ਰਾਪਤ ਹੋਣ ਤੋਂ ਬਾਅਦ ਹੀ ਸੰਘਰਸ਼ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ। ਹੜਤਾਲ ਵਾਪਸ ਲੈਣ ਦੇ ਐਲਾਨ ਮਗਰੋਂ ਦੁਪਹਿਰ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਰਕਾਰੀ ਬੱਸ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ।
ਹਰਪਾਲ ਸਿੰਘ ਚੀਮਾ ਨੇ ਕੀਤੀ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਸਥਿਤ PRTC ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ।ਮੀਟਿੰਗ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਗੱਲਬਾਤ ਨੂੰ ਸਕਾਰਾਤਮਕ ਦੱਸਿਆ। ਉਨ੍ਹਾਂ ਮੁਤਾਬਕ, ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਸਹਿਮਤੀ ਜਤਾਉਂਦਿਆਂ ਮਸਲੇ ਦਾ ਹੱਲ ਕੱਢਿਆ ਹੈ।
ਚਾਰ ਦਿਨਾਂ ਤੋਂ ਮੁਸਾਫ਼ਰ ਹੋ ਰਹੇ ਸਨ ਪਰੇਸ਼ਾਨ
ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਪਿਛਲੇ ਚਾਰ ਦਿਨਾਂ ਤੋਂ ਪੰਜਾਬ ਭਰ ਵਿੱਚ ਜਨਤਕ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਖ਼ਾਸ ਕਰਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਦਫ਼ਤਰ ਜਾਣ ਵਾਲੇ ਮੁਲਾਜ਼ਮਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਨਿੱਜੀ ਵਾਹਨਾਂ ਜਾਂ ਹੋਰ ਆਵਾਜਾਈ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਸੀ। ਹੜਤਾਲ ਕਾਰਨ ਕਈ ਥਾਵਾਂ ’ਤੇ ਮੁਸਾਫ਼ਰਾਂ ਨੂੰ ਲੰਮਾ ਇੰਤਜ਼ਾਰ ਵੀ ਕਰਨਾ ਪਿਆ।
ਸਰਕਾਰੀ ਬੱਸ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ
ਹੜਤਾਲ ਖ਼ਤਮ ਹੋਣ ਤੋਂ ਬਾਅਦ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੀਆਂ ਬੱਸ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹੁਣ ਮੁਸਾਫ਼ਰਾਂ ਨੂੰ ਉਮੀਦ ਹੈ ਕਿ ਬੱਸਾਂ ਦੀ ਆਵਾਜਾਈ ਆਮ ਵਾਂਗ ਹੋ ਜਾਵੇਗੀ ਅਤੇ ਰੋਜ਼ਾਨਾ ਦੇ ਸਫ਼ਰ ਵਿੱਚ ਆ ਰਹੀਆਂ ਮੁਸ਼ਕਲਾਂ ਦੂਰ ਹੋਣਗੀਆਂ।
ਫਿਲਹਾਲ, ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਹੜਤਾਲ ਖ਼ਤਮ ਹੋਣ ਨਾਲ ਪੰਜਾਬ ਦੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
