ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
‘ਸੇਫ ਸਕੂਲ ਵਾਹਨ’ ਨੀਤੀ ਤਹਿਤ ਕੀਤੀ ਜਾ ਰਹੀ ਜਾਂਚ
ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ‘ਸੇਫ ਸਕੂਲ ਵਾਹਨ’ (Safe School Vahan) ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਨੀਤੀ ਤਹਿਤ ਸਕੂਲੀ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸਾਰੇ ਨਿਰਧਾਰਤ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਦੇ ਹਨ।ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਸਾਲ 2025 ਅਤੇ 2026 ਦੌਰਾਨ ਹੁਣ ਤੱਕ ਹਜ਼ਾਰਾਂ ਸਕੂਲੀ ਬੱਸਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ ਪੂਰੇ ਪੰਜਾਬ ਵਿੱਚ 8,325 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੱਟੇ ਗਏ, ਜਦਕਿ 24 ਬੱਸਾਂ ਨੂੰ ਜ਼ਬਤ ਕੀਤਾ ਗਿਆ।
2026 ਵਿੱਚ ਵੀ ਜਾਰੀ ਰਹੀ ਵਿਸ਼ੇਸ਼ ਜਾਂਚ ਮੁਹਿੰਮ
ਜਨਵਰੀ ਤੋਂ ਸਤੰਬਰ 2026 ਤੱਕ ਸਕੂਲੀ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ 5,670 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।ਜਾਂਚ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 1,595 ਬੱਸਾਂ ਦੇ ਚਲਾਨ ਕੱਟੇ ਗਏ ਅਤੇ 7 ਬੱਸਾਂ ਨੂੰ ਜ਼ਬਤ ਕੀਤਾ ਗਿਆ। ਸਰਕਾਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਨਿਯਮਾਂ ਨੂੰ ਲਾਗੂ ਕਰਨ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਡਿਪਟੀ ਕਮਿਸ਼ਨਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ
ਮੰਤਰੀ ਡਾ. ਬਲਜੀਤ ਕੌਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DCs) ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਪੱਧਰੀ ਸਕੂਲੀ ਵਾਹਨ ਜਾਂਚ ਕਮੇਟੀਆਂ ਰਾਹੀਂ ‘ਸੇਫ ਸਕੂਲ ਵਾਹਨ’ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਸਕੂਲੀ ਬੱਸ ਵਿੱਚ ਕੋਈ ਕਮੀ ਜਾਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੀ ਆਵਾਜਾਈ ਲਈ ਸੁਰੱਖਿਅਤ ਵਾਹਨਾਂ ਦੀ ਹੀ ਵਰਤੋਂ ਕਰਨ।
ਮਾਪਿਆਂ ਨੂੰ ਵੀ ਕੀਤੀ ਗਈ ਖ਼ਾਸ ਅਪੀਲ
ਮੰਤਰੀ ਡਾ. ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਲਿਜਾਣ ਵਾਲੀਆਂ ਬੱਸਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ। ਜੇਕਰ ਕਿਸੇ ਬੱਸ ਵਿੱਚ ਲਾਪਰਵਾਹੀ, ਸੁਰੱਖਿਆ ਨਿਯਮਾਂ ਦੀ ਉਲੰਘਣਾ ਜਾਂ ਕੋਈ ਹੋਰ ਕਮੀ ਦਿਖਾਈ ਦਿੰਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇ।
ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਟਰਾਂਸਪੋਰਟ ਸੰਚਾਲਕਾਂ ਨੂੰ ਵੀ ਕਿਹਾ ਕਿ ਸਿਰਫ਼ ਨਿਰਧਾਰਤ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਵਾਹਨ ਹੀ ਬੱਚਿਆਂ ਦੀ ਆਵਾਜਾਈ ਲਈ ਵਰਤੇ ਜਾਣ।ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਤੱਕ ਸੁਰੱਖਿਅਤ ਪਹੁੰਚਾਉਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਕੂਲ ਪ੍ਰਬੰਧਨ, ਟਰਾਂਸਪੋਰਟ ਸੰਚਾਲਕਾਂ ਅਤੇ ਮਾਪਿਆਂ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ।
