IB ਨੇ ਪੰਜਾਬ ਚੋਣਾਂ ਦਾ ਦਿੱਤਾ ਹਵਾਲਾ
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। IB ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਦੀ ਪੰਜਾਬ ਜੇਲ੍ਹ ਵਿੱਚ ਤਬਦੀਲੀ ਨਾਲ ਸੂਬੇ ਦੀ ਸੁਰੱਖਿਆ ਅਤੇ ਚੋਣਾਂ ‘ਤੇ ਅਸਰ ਪੈ ਸਕਦਾ ਹੈ।ਅਦਾਲਤ ਨੇ ਏਜੰਸੀ ਦੀ ਰਿਪੋਰਟ ‘ਤੇ ਸਵਾਲ ਉਠਾਏ। ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਸ. ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਚਿੰਤਾ ਹੈ ਤਾਂ ਮਾਮਲੇ ਦੀ ਸੁਣਵਾਈ ਤਿੰਨ ਮਹੀਨਿਆਂ ਬਾਅਦ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਅਗਲੇ ਸਾਲ ਫਰਵਰੀ ਤੱਕ ਮੁਲਤਵੀ ਕਰ ਦਿੱਤੀ।
ਦਿੱਲੀ ਸਰਕਾਰ ਨੇ ਵੀ ਕੀਤਾ ਵਿਰੋਧ
ਦਿੱਲੀ ਸਰਕਾਰ ਦੀ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਵੀ ਤਬਾਦਲੇ ਦਾ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਹਵਾਰਾ ਨੂੰ ਪੰਜਾਬ ਲਿਜਾਣ ਨਾਲ ਉਸ ਦੇ ਫਰਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ।
ਕਿਉਂ ਤਿਹਾੜ ਜੇਲ੍ਹ ਵਿੱਚ ਬੰਦ ਹੈ ਹਵਾਰਾ?
ਜਗਤਾਰ ਸਿੰਘ ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। 31 ਅਗਸਤ 1995 ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਨੇੜੇ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ।22 ਜਨਵਰੀ 2004 ਨੂੰ ਹਵਾਰਾ ਅਤੇ ਤਿੰਨ ਹੋਰ ਕੈਦੀ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਲਗਭਗ 100 ਫੁੱਟ ਲੰਬੀ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ। ਬਾਅਦ ਵਿੱਚ ਹਵਾਰਾ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਮਾਰਚ 2007 ਵਿੱਚ ਹੇਠਲੀ ਅਦਾਲਤ ਨੇ ਹਵਾਰਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪਰ ਅਕਤੂਬਰ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੂੰ ਬਿਨਾਂ ਰਿਹਾਈ ਦੇ ਉਮਰ ਕੈਦ ਵਿੱਚ ਬਦਲ ਦਿੱਤਾ।
ਹਵਾਰਾ ਨੇ ਪੰਜਾਬ ਤਬਦੀਲੀ ਲਈ ਕੀ ਦਿੱਤੀਆਂ ਦਲੀਲਾਂ?
ਆਪਣੀ ਪਟੀਸ਼ਨ ਵਿੱਚ ਹਵਾਰਾ ਨੇ ਕਿਹਾ ਕਿ ਉਹ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਧੀ ਵੀ ਪੰਜਾਬ ਵਿੱਚ ਰਹਿੰਦੀ ਹੈ। ਉਸ ਨੇ ਆਪਣੇ ਜੇਲ੍ਹ ਵਿੱਚ ਵਿਵਹਾਰ ਅਤੇ ਪਰਿਵਾਰ ਤੋਂ ਦੂਰੀ ਦਾ ਹਵਾਲਾ ਦਿੰਦਿਆਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।ਫਿਲਹਾਲ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ ਅਦਾਲਤ ਦੇ ਅਗਲੇ ਫੈਸਲੇ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।
