ਐੱਸ.ਐੱਸ.ਪੀ. ਆਦਿਤਿਆ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਪੁਲਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਪੂਰੇ ਇਲਾਕੇ ਵਿੱਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਅਤੇ ਕੰਪਲੈਕਸ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਸਰਕਾਰੀ ਈਮੇਲ ‘ਤੇ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਐੱਸ.ਐੱਸ.ਪੀ. ਆਦਿਤਿਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਰਕਾਰੀ ਈਮੇਲ ਆਈਡੀ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਪੁਲਸ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਦੇ ਵੱਖ-ਵੱਖ ਵਿੰਗਾਂ ਨੂੰ ਜਾਂਚ ਲਈ ਮੌਕੇ ‘ਤੇ ਬੁਲਾਇਆ ਗਿਆ। ਇਸ ਦੌਰਾਨ ਪੂਰੇ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਵੇ।
ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਟੀਮ ਵੱਲੋਂ ਤਲਾਸ਼ੀ
ਧਮਕੀ ਮਿਲਣ ਤੋਂ ਬਾਅਦ ਪੁਲਸ ਵੱਲੋਂ ਸਾਬੋਟੇਜ ਵਿਰੋਧੀ ਵਿੰਗ, ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਸਕੁਐਡ ਦੀ ਮਦਦ ਨਾਲ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ।ਪੁਲਸ ਟੀਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਪੂਰੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਇਸ ਨਾਲ ਪੁਲਸ ਅਤੇ ਪ੍ਰਸ਼ਾਸਨ ਨੇ ਫਿਲਹਾਲ ਰਾਹਤ ਦਾ ਸਾਹ ਲਿਆ ਹੈ।
ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ‘ਚ ਜੁਟੀ ਪੁਲਸ
ਐੱਸ.ਐੱਸ.ਪੀ. ਆਦਿਤਿਆ ਨੇ ਦੱਸਿਆ ਕਿ ਪੁਲਸ ਵੱਲੋਂ ਧਮਕੀ ਭਰੀ ਈਮੇਲ ਦੇ ਮੂਲ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਮੇਲ ਕਿਸ ਨੇ ਭੇਜੀ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਦੀ ਸੁਰੱਖਿਆ ਨੂੰ ਲੈ ਕੇ ਵੀ ਚੌਕਸੀ ਵਧਾ ਦਿੱਤੀ ਗਈ ਹੈ।
