ਕਸੋਵਾਲ ਦੇ ਖੇਤਾਂ ਵਿੱਚੋਂ ਫੜੇ ਗਏ ਦੋ ਸ਼ੱਕੀ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ, ਭਾਰਤ-ਪਾਕਿਸਤਾਨ ਸਰਹੱਦ ਦੀ ਸੁਰੱਖਿਆ ਵਿੱਚ ਤਾਇਨਾਤ ਆਰਮੀ ਦੀ 22 ਰਾਜਪੂਤਾਨਾ ਯੂਨਿਟ ਦੇ ਜਵਾਨ ਇਲਾਕੇ ਵਿੱਚ ਚੌਕਸੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਸੋਵਾਲ ਪਿੰਡ ਦੇ ਇੱਕ ਕਿਸਾਨ ਦੇ ਖੇਤ ਵਿੱਚ ਦੋ ਸ਼ੱਕੀ ਨੌਜਵਾਨਾਂ ਨੂੰ ਦੇਖਿਆ।ਜਵਾਨਾਂ ਨੇ ਬਿਨਾਂ ਦੇਰੀ ਕੀਤੇ ਕਾਰਵਾਈ ਕੀਤੀ ਅਤੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਗਲੌਕ ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ ਕੀਤੇ ਗਏ। ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਸਰਹੱਦੀ ਖੇਤਾਂ ਵਿੱਚੋਂ ਹਥਿਆਰ ਚੁੱਕਣ ਲਈ ਪਹੁੰਚੇ ਸਨ।
ਇਸ ਮਾਮਲੇ ਸਬੰਧੀ ਡੇਰਾ ਬਾਬਾ ਨਾਨਕ ਥਾਣੇ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਧਰਮਕੋਟ ਇਲਾਕੇ ਵਿੱਚ ਗਸ਼ਤ ਲਈ ਜਾ ਰਹੀ ਸੀ। ਇਸੇ ਦੌਰਾਨ ਆਰਮੀ ਦੀ 22 ਰਾਜਪੂਤਾਨਾ ਯੂਨਿਟ ਦੇ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਕਸੋਵਾਲ ਦੇ ਕਿਸਾਨ ਦੇ ਖੇਤ ਵਿੱਚੋਂ ਦੋ ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।
ਗ੍ਰਿਫ਼ਤਾਰ ਨੌਜਵਾਨਾਂ ਦੀ ਹੋਈ ਪਛਾਣ
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਪ੍ਰੀਤ ਪੁੱਤਰ ਸੁਖਵਿੰਦਰ ਸਿੰਘ ਵਾਸੀ ਧਾਰੀਵਾਲ ਸੋਹੀਆਂ ਅਤੇ ਰਵੀ ਰਾਜਪੂਤ ਪੁੱਤਰ ਆਕਾਸ਼ ਰਾਜ ਰਾਜਪੂਤ ਵਾਸੀ ਅਬੇਪੁਰ, ਪੰਚਕੂਲਾ ਵਜੋਂ ਹੋਈ ਹੈ।ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਥਿਆਰਾਂ ਦੀ ਖੇਪ ਕਿੱਥੋਂ ਆਈ? ਪੁਲਿਸ ਕਰ ਰਹੀ ਜਾਂਚ
ਐੱਸਐੱਚਓ ਅਨੁਸਾਰ, ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਸਰਹੱਦ ਨਾਲ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਿੱਥੋਂ ਆਏ ਸਨ ਅਤੇ ਇਨ੍ਹਾਂ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।
ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਥਿਆਰਾਂ ਦੀ ਸਪਲਾਈ ਅਤੇ ਇਸ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਨੈੱਟਵਰਕ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਸਕਦੀ ਹੈ। ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਰਵਾਈ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
