ਦੁਪਹਿਰ 12 ਤੋਂ 1 ਵਜੇ ਵਿਚਕਾਰ ਹੋਵੇਗਾ ਅੰਤਿਮ ਸੰਸਕਾਰ
ਐਕਸ਼ਨ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਧਰਨੇ ਵਾਲੀ ਥਾਂ ‘ਤੇ ਲਿਜਾਇਆ ਜਾਵੇਗਾ, ਜਿੱਥੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਤੋਂ 1 ਵਜੇ ਦੇ ਵਿਚਕਾਰ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਕੀਤਾ ਜਾਵੇਗਾ।
ਪਤਨੀ ਮਨਪ੍ਰੀਤ ਕੌਰ ਨੇ ਟ੍ਰੋਲਿੰਗ ਕਰਨ ਵਾਲਿਆਂ ਨੂੰ ਦਿੱਤਾ ਜਵਾਬ
ਇਸ ਦੌਰਾਨ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਪਰਿਵਾਰ ਵੱਲੋਂ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੇ ਜਾਣ ‘ਤੇ ਸੋਸ਼ਲ ਮੀਡੀਆ ‘ਤੇ ਹੋ ਰਹੀ ਟ੍ਰੋਲਿੰਗ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੀਆਂ ਮੰਗਾਂ ਨਾਲ ਇੰਨੀ ਹੀ ਨਫ਼ਰਤ ਹੈ ਤਾਂ ਉਹ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਵੇ ਅਤੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਵੇ। ਉਨ੍ਹਾਂ ਦੇ ਇਸ ਬਿਆਨ ਨੇ ਮਾਮਲੇ ਨੂੰ ਇੱਕ ਵਾਰ ਫਿਰ ਚਰਚਾ ਵਿੱਚ ਲਿਆ ਦਿੱਤਾ ਹੈ।
ਪਿਤਾ ਨੇ SSP ਦੇ ਤਬਾਦਲੇ ਦੀ ਰੱਖੀ ਮੰਗ
ਉੱਧਰ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿੱਚ ਪੁਲਿਸ ਦੀ ਨਾਕਾਮੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ।
ਮੰਗ ਪੂਰੀ ਹੋਣ ਤੱਕ ਅੰਨ ਨਾ ਖਾਣ ਦਾ ਐਲਾਨ
ਭੀਮ ਸਿੰਘ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਐਸਐਸਪੀ ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਮੁੱਦੇ ‘ਤੇ ਚਰਚਾ ਕੀਤੀ ਗਈ ਸੀ।
13 ਅਕਤੂਬਰ ਨੂੰ ਹੋਇਆ ਸੀ ਪਰਵਿੰਦਰ ਝੋਟਾ ਦਾ ਕਤਲ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਮਾਨਸਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਰੋਸ ਦੇਖਣ ਨੂੰ ਮਿਲਿਆ ਹੈ। ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਭਲਕੇ ਹੋਣ ਵਾਲੇ ਅੰਤਿਮ ਸੰਸਕਾਰ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ, ਜਦਕਿ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਗਲੇ ਕਦਮਾਂ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
