ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਪੰਜਾਬ ਯੂਨੀਵਰਸਿਟੀ ਐਕਟ, 1947 ਦੀ ਧਾਰਾ 10 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਡਾ. ਟੰਕੇਸ਼ਵਰ ਕੁਮਾਰ ਦਾ ਤਿੰਨ ਸਾਲਾਂ ਦਾ ਕਾਰਜਕਾਲ ਉਨ੍ਹਾਂ ਵੱਲੋਂ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਣ ਦੀ ਤਾਰੀਖ਼ ਤੋਂ ਸ਼ੁਰੂ ਹੋਵੇਗਾ।
ਕਾਫੀ ਸਮੇਂ ਤੋਂ ਖਾਲੀ ਪਈ ਸੀ ਪੱਕੇ ਵੀਸੀ ਦੀ ਕੁਰਸੀ
ਡਾ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਨਾਲ ਪੰਜਾਬ ਯੂਨੀਵਰਸਿਟੀ ਵਿੱਚ ਪੱਕੇ ਵਾਈਸ-ਚਾਂਸਲਰ ਦੀ ਉਡੀਕ ਖ਼ਤਮ ਹੋ ਗਈ ਹੈ। ਯੂਨੀਵਰਸਿਟੀ ਵਿੱਚ ਪਿਛਲੇ ਸਮੇਂ ਤੋਂ ਅੰਤਰਿਮ ਵਿਵਸਥਾ ਤਹਿਤ ਕੰਮ ਚੱਲ ਰਿਹਾ ਸੀ। ਇਸ ਦੌਰਾਨ ਮੀਨਾਕਸ਼ੀ ਗੋਇਲ ਅੰਤਰਿਮ ਵਾਈਸ-ਚਾਂਸਲਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ।ਨਵੇਂ ਵਾਈਸ-ਚਾਂਸਲਰ ਦੀ ਨਿਯੁਕਤੀ ਨਾਲ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।
ਉਪ-ਰਾਸ਼ਟਰਪਤੀ ਦੇ ਸਕੱਤਰੇਤ ਵੱਲੋਂ ਜਾਰੀ ਹੋਇਆ ਨੋਟੀਫਿਕੇਸ਼ਨ
ਇਸ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ‘ਤੇ ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਦੇ ਸਕੱਤਰ ਅਮਿਤ ਖਾਰੇ ਵੱਲੋਂ ਦਸਤਖ਼ਤ ਕੀਤੇ ਗਏ ਹਨ। ਨੋਟੀਫਿਕੇਸ਼ਨ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਯੂਨੀਵਰਸਿਟੀ ਦੇ ਰਜਿਸਟਰਾਰ ਕੋਲ ਭੇਜ ਦਿੱਤਾ ਗਿਆ ਹੈ।
ਨਵੇਂ ਵੀਸੀ ਸਾਹਮਣੇ ਹੋਣਗੀਆਂ ਕਈ ਚੁਣੌਤੀਆਂ
ਡਾ. ਟੰਕੇਸ਼ਵਰ ਕੁਮਾਰ ਦੇ ਨਵੇਂ ਵਾਈਸ-ਚਾਂਸਲਰ ਬਣਨ ਨਾਲ ਯੂਨੀਵਰਸਿਟੀ ਵਿੱਚ ਨਵੇਂ ਪ੍ਰਸ਼ਾਸਨਿਕ ਦੌਰ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ। ਉਨ੍ਹਾਂ ਦੇ ਸਾਹਮਣੇ ਅਕਾਦਮਿਕ ਗੁਣਵੱਤਾ ਵਿੱਚ ਸੁਧਾਰ, ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਦਾ ਹੱਲ, ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਮਜ਼ਬੂਤ ਕਰਨਾ ਅਤੇ ਸੰਸਥਾ ਦੇ ਵਿਕਾਸ ਵਰਗੀਆਂ ਕਈ ਅਹਿਮ ਚੁਣੌਤੀਆਂ ਹੋਣਗੀਆਂ।
