ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਜਾਣਕਾਰੀ
ਲਾਲਜੀਤ ਸਿੰਘ ਭੁੱਲਰ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਪੱਟੀ ਹਲਕੇ ਦੇ ਲੋਕਾਂ ਵੱਲੋਂ ਇਹ ਸੁਣਨ ਨੂੰ ਮਿਲਿਆ ਸੀ ਕਿ ਪਾਰਟੀ ਉਨ੍ਹਾਂ ਨੂੰ ਦੁਬਾਰਾ ਚੋਣ ਲੜਾ ਸਕਦੀ ਹੈ, ਪਰ ਉਨ੍ਹਾਂ ਦਾ ਚੋਣ ਨਾ ਲੜਨ ਦਾ ਫ਼ੈਸਲਾ ਹੈ।
ਉਨ੍ਹਾਂ ਨੇ ਲਿਖਿਆ ਕਿ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਰ ਸਮੇਂ ਉਨ੍ਹਾਂ ਦਾ ਸਾਥ ਦਿੱਤਾ, ਉਹ ਸਾਰੀ ਜ਼ਿੰਦਗੀ ਉਨ੍ਹਾਂ ਦੇ ਰਿਣੀ ਰਹਿਣਗੇ।
ਮੀਡੀਆ ਨੂੰ ਨਿੱਜੀ ਫ਼ੈਸਲੇ ’ਤੇ ਬਹਿਸ ਨਾ ਕਰਨ ਦੀ ਅਪੀਲ
ਭੁੱਲਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸਰਕਾਰੀ STD ਰਾਹੀਂ ਸੰਪਰਕ ਕਰਕੇ ਇਹ ਸੁਨੇਹਾ ਫੇਸਬੁੱਕ ਪੇਜ ਚਲਾਉਣ ਵਾਲੇ ਵਿਅਕਤੀ ਰਾਹੀਂ ਪੋਸਟ ਕਰਵਾਇਆ। ਉਨ੍ਹਾਂ ਨੇ ਮੀਡੀਆ ਚੈਨਲਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਇਸ ਮਾਮਲੇ ’ਤੇ ਕੋਈ ਬਹਿਸ ਨਾ ਕੀਤੀ ਜਾਵੇ, ਕਿਉਂਕਿ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ, ਜਿਨ੍ਹਾਂ ਨੂੰ ਜੱਸਾ ਪੱਟੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਇਹ ਨਿਯੁਕਤੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ।
ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਹਨ ਭੁੱਲਰ
ਦੱਸ ਦੇਈਏ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਰੰਧਾਵਾ ਦੀ ਮੌਤ 21 ਮਾਰਚ 2026 ਨੂੰ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹੋਈ ਸੀ।
ਮੌਤ ਤੋਂ ਪਹਿਲਾਂ ਰੰਧਾਵਾ ਨੇ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਭੁੱਲਰ ’ਤੇ ਵੇਅਰਹਾਊਸ ਉਸਾਰੀ ਦੇ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਦਬਾਅ ਪਾਉਣ ਅਤੇ ਖੱਜਲ-ਖ਼ੁਆਰ ਕਰਨ ਦੇ ਦੋਸ਼ ਲਗਾਏ ਸਨ।
ਅਸਤੀਫ਼ੇ ਤੋਂ ਬਾਅਦ ਹੋਈ ਸੀ ਗ੍ਰਿਫ਼ਤਾਰੀ
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਉਸ ਸਮੇਂ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਸੰਭਾਲ ਰਹੇ ਲਾਲਜੀਤ ਸਿੰਘ ਭੁੱਲਰ ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਭੁੱਲਰ ਨੇ ਉਸੇ ਦਿਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰੰਧਾਵਾ ਦੀ ਪਤਨੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਭੁੱਲਰ ਨੂੰ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਫਿਲਹਾਲ ਲਾਲਜੀਤ ਸਿੰਘ ਭੁੱਲਰ ਦੇ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੱਟੀ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਹਾਲਾਂਕਿ, ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਸ ਫ਼ੈਸਲੇ ਨੂੰ ਨਿੱਜੀ ਦੱਸਦਿਆਂ ਮੀਡੀਆ ਨੂੰ ਇਸ ’ਤੇ ਬਹਿਸ ਨਾ ਕਰਨ ਦੀ ਅਪੀਲ ਕੀਤੀ ਹੈ।


