ਮਿਲੀ ਜਾਣਕਾਰੀ ਅਨੁਸਾਰ, ਗੋਲੀ ਲੱਗਣ ਤੋਂ ਬਾਅਦ ਮਨੀ ਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਹ ਉਸ ਨੂੰ ਤੁਰੰਤ ਸਕੂਟਰ ’ਤੇ ਹਸਪਤਾਲ ਲੈ ਕੇ ਜਾਣ ਲੱਗੇ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ਨੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮਨੀ ਪਹਿਲਵਾਨ
ਮ੍ਰਿਤਕ ਮਨੀ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਕਪੂਰਥਲਾ ਦੇ ਮੁਹੱਲਾ ਮਹਿਤਾਬਗੜ੍ਹ ਦਾ ਰਹਿਣ ਵਾਲਾ ਸੀ। ਉਹ ਪਹਿਲਵਾਨੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਫਿਲਹਾਲ ਕਤਲ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।
