ਦੁਪਹਿਰ 2:15 ਵਜੇ ਹੋਇਆ ਹਮਲਾ
ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਮਲਾ ਦੁਪਹਿਰ ਕਰੀਬ 2:15 ਵਜੇ ਹੋਇਆ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਚੌਕੀ ‘ਤੇ ਤਾਇਨਾਤ CRPF ਦੇ ਜਵਾਨਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
CRPF ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ। ਸ਼ੁਰੂਆਤੀ ਰਿਪੋਰਟਾਂ ਵਿੱਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ, ਪਰ ਬਾਅਦ ਵਿੱਚ ਤਿੰਨ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ।
ਇੱਕ ਜਵਾਨ ਦੀ ਹਾਲਤ ਗੰਭੀਰ, ਹਸਪਤਾਲ ‘ਚ ਆਪਰੇਸ਼ਨ ਜਾਰੀ
ਹਮਲੇ ਵਿੱਚ ਜ਼ਖ਼ਮੀ ਹੋਏ ਤਿੰਨੋਂ ਜਵਾਨਾਂ ਨੂੰ ਇਲਾਜ ਲਈ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ (GMC) ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ, ਰਾਕੇਸ਼ ਦਾਸ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉੱਥੇ ਹੀ ਸੰਤੋਸ਼ ਚੰਦਰੂ ਦੇ ਢਿੱਡ ਅਤੇ ਰੀੜ੍ਹ ਦੀ ਹੱਡੀ ਦੇ ਨੇੜੇ ਗੋਲੀਆਂ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ। ਤੀਜੇ ਜਵਾਨ ਸੋਮਵੀਰ ਸਿੰਘ ਦੀ ਖੱਬੀ ਬਾਂਹ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਵੀ ਸਥਿਰ ਦੱਸੀ ਜਾ ਰਹੀ ਹੈ।
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਿਆ
ਹਮਲੇ ਦੀ ਸੂਚਨਾ ਮਿਲਦਿਆਂ ਹੀ ਕੁਇੱਕ ਰਿਐਕਸ਼ਨ ਟੀਮਾਂ (QRTs) ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਨੂੰ ਘੇਰ ਕੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਹਮਲੇ ਵਾਲੀ ਥਾਂ ਨੈਸ਼ਨਲ ਹਾਈਵੇਅ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਸਥਿਤ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਫਿਲਹਾਲ ਸੁਰੱਖਿਆ ਬਲ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ।
